ਅਡਾਨੀ ਦੇ ਫ਼ਾਇਦੇ ਲਈ ਕੰਮ ਕਰ ਰਿਹੈ ਕੇਂਦਰ: ਗੋਇਲ
ਰਮੇਸ਼ ਭਾਰਦਵਾਜ
ਲਹਿਰਾਗਾਗਾ, 25 ਅਕਤੂਬਰ
ਪੰਜਾਬ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਅਣਗਹਿਲੀ ਅਤੇ ਵਿਰੋਧੀ ਨੀਤੀਆਂ ਦੀ ਨੁਕਤਾਚੀਨੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਜਾਣ-ਬੁੱਝ ਕੇ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਪੂੰਜੀਵਾਦੀ ਦੋਸਤ ਅਡਾਨੀ ਨੂੰ ਫ਼ਾਇਦਾ ਪਹੁੰਚਾਉਣ ਲਈ ਕੰਮ ਕਰ ਰਹੀ ਹੈ। ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਗੁਦਾਮਾਂ ਵਿੱਚ ਸਟੋਰ ਕੀਤੇ ਵਾਧੂ ਅਨਾਜ ਨੂੰ ਲੈ ਕੇ ਚਿੰਤਤ ਹੈ ਪਰ ਕੇਂਦਰੀ ਅਧਿਕਾਰੀਆਂ ਨਾਲ ਕਈ ਵਾਰ ਸੰਪਰਕ ਅਤੇ ਨਿੱਜੀ ਮੀਟਿੰਗਾਂ ਦੇ ਬਾਵਜੂਦ, ਭਾਜਪਾ ਸਰਕਾਰ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਇਸ ਅਣਗਹਿਲੀ ਨੇ ਕੇਂਦਰ ਸਰਕਾਰ ਦੀਆਂ ਬੇਅਸਰ ਨੀਤੀਆਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਭਿਆਨਕ ਸਥਿਤੀ ਪੈਦਾ ਕਰ ਦਿੱਤੀ ਹੈ। ਮੰਤਰੀ ਨੇ ਪੰਜਾਬ ਦੇ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਭਾਜਪਾ ਨੇ ਵਾਰ-ਵਾਰ ਉਨ੍ਹਾਂ ਦੇ ਹਿੱਤਾਂ ਦੇ ਖ਼ਿਲਾਫ਼ ਫ਼ੈਸਲੇ ਲਾਗੂ ਕੀਤੇ ਹਨ। ‘ਆਪ’ ਆਗੂ ਨੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਕੇਂਦਰ ਸਰਕਾਰ ’ਤੇ ਪੰਜਾਬ ਦੇ ਕਿਸਾਨਾਂ ਦੀਆਂ ਲੋੜਾਂ ਅਤੇ ਚਿੰਤਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਬਦਲਾ ਲੈਣ ਦਾ ਦੋਸ਼ ਲਾਇਆ। ਗੋਇਲ ਨੇ ਟਿੱਪਣੀ ਕੀਤੀ ਕਿ ਪੰਜਾਬ ਦੇ ਕਿਸਾਨ ਬਿਹਤਰ ਦੇ ਹੱਕਦਾਰ ਹਨ।
ਉਨ੍ਹਾਂ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ‘ਆਪ’ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹਾਂ। ਉਨ੍ਹਾਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਸਾਡਾ ਸੰਘਰਸ਼ ਹੈ ਅਤੇ ਅਸੀਂ ਕਿਸਾਨਾਂ ਦੀਆਂ ਜ਼ਰੂਰਤਾਂ ਨਾਲ ਕੋਈ ਸਮਝੌਤਾ ਨਹੀਂ ਕਰਾਂਗੇ।