ਕੇਂਦਰ ਵੱਲੋਂ ਦਿੱਲੀ ਸਰਕਾਰ ਨੂੰ ਬੇਅਸਰ ਕਰਨ ਦੀ ਕੋਸ਼ਿਸ਼: ਰਾਘਵ ਚੱਢਾ
ਪੱਤਰ ਪ੍ਰੇਰਕ
ਨਵੀਂ ਦਿੱਲੀ, 31 ਜੁਲਾਈ
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ ਦੀ ਕੇਂਦਰ ਸਰਕਾਰ ’ਤੇ ਤਿੱਖੇ ਨਿਸ਼ਾਨੇ ਸੇਧਦਿਆਂ ਨੈਸ਼ਨਲ ਕੈਪੀਟਲ ਟੈਰੀਟਰੀ ਆਫ਼ ਦਿੱਲੀ (ਸੋਧ) ਬਿੱਲ, 2023 ਲਈ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਤੇ ਇਸ ਨੂੰ ਗੈਰ-ਜਮਹੂਰੀ ਅਤੇ ਗੈਰ-ਕਾਨੂੰਨੀ ਵਿਧਾਨਕ ਕੰਮ ਦਾ ਪ੍ਰਤੀਕ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਲਗਾਤਾਰ ਆਮ ਆਦਮੀ ਪਾਰਟੀ ਤੋਂ ਸੱਤਾ ਖੋਹਣ ਅਤੇ ਦਿੱਲੀ ਸਰਕਾਰ ਨੂੰ ਬੇਅਸਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਰਾਘਵ ਚੱਢਾ ਨੇ ਸੰਵਿਧਾਨ ਤੇ ਜਮਹੂਰੀਅਤ ਦਾ ਸਭ ਤੋਂ ਵੱਧ ਸਤਿਕਾਰ ਕਰਨ ਵਾਲੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਆਰਡੀਨੈਂਸ ਵਿਰੁੱਧ ਇਕਜੁੱਟ ਹੋਣ ਅਤੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਇਸ ਵਿਰੁੱਧ ਵੋਟ ਪਾਉਣ। ਉਨ੍ਹਾਂ ਕਿਹਾ ਕਿ ਇਹ ਬਿੱਲ ਦਿੱਲੀ ਦੇ ਲੋਕਾਂ ’ਤੇ ਸਿੱਧਾ ਹਮਲਾ, ਭਾਰਤੀ ਨਿਆਂਪਾਲਿਕਾ ਦਾ ਅਪਮਾਨ ਤੇ ਦੇਸ਼ ਦੀ ਸੰਘੀ ਪ੍ਰਣਾਲੀ ਲਈ ਵੱਡਾ ਖਤਰਾ ਹੈ। ਚੱਢਾ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਦਾ ਲੋਕਾਂ ਨੂੰ ਸੰਦੇਸ਼ ਹੈ ਕਿ ਜੇਕਰ ਉਹ ਗੈਰ-ਭਾਜਪਾ ਸਰਕਾਰ ਚੁਣਦੇ ਹਨ ਤਾਂ ਇਸ ਨੂੰ ਸੁਚਾਰੂ ਢੰਗ ਨਾਲ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਿੱਲ ਦਿੱਲੀ ਦੇ ਦੋ ਕਰੋੜ ਲੋਕਾਂ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਦਿੱਤੇ ਇਤਿਹਾਸਕ ਬਹੁਮਤ ਤੇ ਫਤਵੇ ਨੂੰ ਕਮਜ਼ੋਰ ਕਰਦਾ ਹੈ। ਆਰਡੀਨੈਂਸ ਦਿੱਲੀ ਦੀ ਚੁਣੀ ਹੋਈ ਸਰਕਾਰ ਦੇ ਹੱਕ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੁੱਧ ਹੈ। ਇਸ ਵਿੱਚ ਸਾਰੀਆਂ ਨੌਕਰਸ਼ਾਹੀ ਸ਼ਕਤੀਆਂ ਦਿੱਲੀ ਸਰਕਾਰ ਕੋਲ ਰਹਿਣੀਆਂ ਚਾਹੀਦੀਆਂ ਹਨ। ਪਰ ਭਾਜਪਾ ਸਰਕਾਰ ਨੇ ਇਸ ਫ਼ੈਸਲੇ ਨੂੰ ਸਿਰਫ 8 ਦਿਨਾਂ ਦੇ ਅੰਦਰ ਪਲਟ ਦਿੱਤਾ ਤੇ ਨਿਆਂਪਾਲਿਕਾ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲਾ ਆਰਡੀਨੈਂਸ ਲਿਆ ਦਿੱਤਾ। ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਵੀ ਇਸ ਕਦਮ ਦੇ ਖ਼ਤਰਨਾਕ ਪ੍ਰਭਾਵਾਂ ਦੀ ਚੇਤਾਵਨੀ ਦਿੱਤੀ ਹੈ।
ਉਨ੍ਹਾਂ ਨੇ ਇਸ ਨੂੰ ਦੇਸ਼ ਭਰ ਵਿੱਚ ਗੈਰ-ਭਾਜਪਾ ਸ਼ਾਸਿਤ ਰਾਜ ਸਰਕਾਰਾਂ ਨੂੰ ਅਸਥਿਰ ਕਰਨ ਲਈ ਭਵਿੱਖ ਵਿੱਚ ਇੱਕ ਤਜਰਬਾ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਆਰਡੀਨੈਂਸ ਭਾਰਤੀ ਸੰਵਿਧਾਨ ਨੂੰ ਖ਼ਤਰੇ ਵਿੱਚ ਪਾ ਸਕਦੇ ਹਨ ਅਤੇ ਲੋਕਤੰਤਰੀ ਸਿਧਾਂਤਾਂ ਨੂੰ ਢਾਹ ਲਾ ਸਕਦੇ ਹਨ। ਰਾਘਵ ਚੱਢਾ ਨੇ ਭਾਜਪਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਿਛਲੇ 25 ਸਾਲਾਂ ’ਚ ਕਈ ਕੋਸ਼ਿਸ਼ਾਂ ਦੇ ਬਾਵਜੂਦ ਭਾਜਪਾ ਦਿੱਲੀ ’ਚ ਸਰਕਾਰ ਬਣਾਉਣ ’ਚ ਲਗਾਤਾਰ ਅਸਫ਼ਲ ਰਹੀ ਹੈ।
ਕਾਂਗਰਸੀ ਆਗੂ ਵੱਲੋਂ ਬਿੱਲ ਦੀ ਹਮਾਇਤ
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਵਿੱਚ ਸੇਵਾਵਾਂ ਦੇ ਨਿਯੰਤਰਣ ਬਾਰੇ ਕੇਂਦਰ ਦੇ ਆਰਡੀਨੈਂਸ ਦੀ ਥਾਂ ਲੈਣ ਵਾਲੇ ਦਿੱਲੀ ਆਰਡੀਨੈਂਸ ਬਿੱਲ ’ਤੇ ਬੋਲਦਿਆਂ ਕਾਂਗਰਸੀ ਆਗੂ ਸੰਦੀਪ ਦੀਕਸ਼ਿਤ ਨੇ ਬਿੱਲ ਦੀ ਹਮਾਇਤ ਕੀਤੀ ਹੈ। ਸੰਦੀਪ ਦੀਕਸ਼ਿਤ ਨੇ ਕਿਹਾ, ‘‘ਲੋਕ ਸਭਾ ’ਚ ਭਾਜਪਾ ਕੋਲ ਬਹੁਮਤ ਹੈ, ਇਸ ਬਿੱਲ ਨੂੰ ਸਦਨ ’ਚ ਪਾਸ ਕੀਤਾ ਜਾਣਾ ਚਾਹੀਦਾ ਹੈ। ਬਿੱਲ ਦਿੱਲੀ ਦੀ ਸਥਿਤੀ ਮੁਤਾਬਕ ਹੈ। ਜੇਕਰ ਤੁਸੀਂ ਦਿੱਲੀ ਨੂੰ ਸ਼ਕਤੀਆਂ ਦੇਣਾ ਚਾਹੁੰਦੇ ਹੋ ਤਾਂ ਇਸ ਨੂੰ ਇੱਕ ਪੂਰਨ ਰਾਜ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ,‘‘ਮੇਰੀ ਰਾਏ ਵਿੱਚ, ਇਸ ਬਿੱਲ ਦਾ ਵਿਰੋਧ ਕਰਨਾ ਗਲਤ ਹੈ।’’