ਕਿਸਾਨਾਂ ਦੇ ਮਾਮਲੇ ’ਚ ਕੇਂਦਰ ਤੇ ਸੂਬਾ ਸਰਕਾਰਾਂ ਰਾਜਨੀਤੀ ਬੰਦ ਕਰਨ: ਅਕਾਲੀ ਦਲ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 7 ਜਨਵਰੀ
ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੇ ਮਾਮਲੇ ਵਿੱਚ ਰਾਜਨੀਤੀ ਬੰਦ ਕਰੇ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਸਵੀਕਾਰ ਕਰੇ। ਉਧਰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ’ਤੇ ਫ਼ਿਕਰ ਜਤਾਉਂਦਿਆਂ ਸੋਮਵਾਰ ਨੂੰ ਸਰਕਾਰਾਂ ਨੂੰ ਅਪੀਲ ਕੀਤੀ ਸੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਤਾਂ ਜੋ ਉਹ ਆਪਣੇ ਘਰਾਂ ਨੂੰ ਪਰਤ ਸਕਣ ਅਤੇ ਪਰਿਵਾਰਾਂ ਵਿੱਚ ਸੁੱਖ ਸ਼ਾਂਤੀ ਨਾਲ ਰਹਿ ਸਕਣ। ਦੱਸਣਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਸਵਾ ਮਹੀਨੇ ਤੋਂ ਭੁੱਖ ਹੜਤਾਲ ’ਤੇ ਹਨ ਅਤੇ ਉਨ੍ਹਾਂ ਦੀ ਹਾਲਤ ਨਿਰੰਤਰ ਵਿਗੜ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਨੇ ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੇ ਮਾਮਲੇ ਵਿੱਚ ਰਾਜਨੀਤੀ ਨਾ ਕਰਨ। ਦੋਵੇਂ ਸਰਕਾਰਾਂ ਕਿਸਾਨਾਂ ਦਾ ਵਿਸ਼ਵਾਸ ਬਹਾਲ ਕਰਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਦੋਵਾਂ ਸਰਕਾਰਾਂ ਦੀ ਢਿੱਲ ਮੱਠ ਵਾਲੀ ਨੀਤੀ ਕਾਰਨ ਸੂਬੇ ਵਿੱਚ ਹਾਲਾਤ ਵਿਗੜ ਸਕਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਸਿੱਧੇ ਅਸਿੱਧੇ ਢੰਗ ਨਾਲ ਪਿਛਲੇ ਦਰਵਾਜ਼ੇ ਰਾਹੀਂ ਖੇਤੀ ਨੀਤੀ ਨੂੰ ਲਾਗੂ ਕਰਨ ਨਾਲ ਸਥਿਤੀ ਵਿਗੜ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਵੇਲੇ ਕੇਂਦਰ ਅਤੇ ਸੂਬਾ ਸਰਕਾਰ ਦੋਵੇਂ ਕਾਨੂੰਨੀ ਤਰੀਕੇ ਨਾਲ ਆਪਣੇ ਆਪ ਨੂੰ ਬਚਾਉਣ ਦਾ ਰਾਹ ਲੱਭ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ।
ਚੇਤੇ ਰਹੇ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਹਾਲਤ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਸੀ ਕਿ ਸਿੱਖ ਧਰਮ ਵਿੱਚ ਮਰਨ ਵਰਤ ਦਾ ਜਾਂ ਭੁੱਖ ਹੜਤਾਲ ਦਾ ਕੋਈ ਸਿਧਾਂਤ ਨਹੀਂ ਹੈ ਪਰ ਡਾਹਢੀਆਂ ਸਰਕਾਰਾਂ ਕੋਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਕਿਸਾਨ ਕਈ ਦਿਨਾਂ ਤੋਂ ਧਰਨਿਆਂ ’ਤੇ ਬੈਠੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਸੀ ਕਿ ਸਰਕਾਰਾਂ ਕਿਸਾਨਾਂ ਦੇ ਮਾਮਲੇ ਵਿੱਚ ਸੰਵੇਦਨਸ਼ੀਲ ਨਹੀਂ ਹਨ ਜਿਸ ਕਾਰਨ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਮਨਵਾਉਣ ਵਾਸਤੇ ਧਰਨਿਆਂ ’ਤੇ ਬੈਠਣਾ ਅਤੇ ਰੋਸ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਉਨ੍ਹਾਂ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਸੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਤਾਂ ਜੋ ਇਹ ਕਿਸਾਨ ਵੀ ਆਪਣੇ ਘਰਾਂ ਵਿੱਚ ਪਰਤ ਸਕਣ ਅਤੇ ਪਰਿਵਾਰਾਂ ਨਾਲ ਸੁੱਖ ਸ਼ਾਂਤੀ ਨਾਲ ਬੈਠ ਸਕਣ।