ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 6 ਦਸੰਬਰ
ਕੇਂਦਰ ਸਰਕਾਰ ਦੇ ਖੇਤੀ ਮੰਡੀ ਤੇ ਬਿਜਲੀ ਬੋਰਡ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੇ ਫ਼ੈਸਲਾ ਵਿਰੁੱਧ ਦੇਸ਼ ਭਰ ਦੇ ਕਿਸਾਨਾਂ, ਮਜ਼ਦੂਰਾਂ ਤੇ ਬੁੱਧੀਜੀਵੀ ਵਰਗ ਵੱਲੋਂ ਦਿੱਲੀ ਦੀਆਂ ਹੱਦਾਂ ’ਤੇ ਲਗਾਤਾਰ ਸੰਘਰਸ਼ ਜਾਰੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਸਭਰਾ, ਜਸਬੀਰ ਸਿੰਘ ਪਿਦੀ ਤੇ ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਾਰਪੋਰੇਟ ਜਗਤ ਨੂੰ ਖੁਸ਼ ਕਰਨ ਲਈ, ਜੋ ਕਾਨੂੰਨ ਲਾਗੂ ਕਰ ਦਿੱਤੇ ਹਨ, ਉਨ੍ਹਾਂ ਨੂੰ ਰੱਦ ਕਰਵਾਉਣ ਲਈ ਪੂਰਾ ਦੇਸ਼ ਲੜਾਈ ਲੜ ਰਿਹਾ ਹੈ। ਦੇਸ਼ ਦੀਆਂ ਜਥੇਬੰਦੀਆਂ ਦੇ ਬੁੱਧੀਜੀਵੀ ਵਰਗ ਵੱਲੋਂ, ਕਾਨੂੰਨਾਂ ਦੀਆਂ ਖਾਮੀਆਂ ਗਿਣਵਾਈਆਂ ਗਈਆਂ ਤਾਂ ਕਿਤੇ ਜਾਕੇ ਸਰਕਾਰ ਨੂੰ ਕਮੀਆਂ ਨਜ਼ਰ ਆਈਆਂ, ਇਸਦੀ ਜਾਣਕਾਰੀ ਖੇਤੀ ਮੰਤਰੀ ਤੋਮਰ ਨੇ ਖੁਦ ਦਿੱਤੀ। ਇਸ ਮੌਕੇ ਕਿਸਾਨਾਂ ਮਜ਼ਦੂਰਾਂ ਨੇ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਇੰਨੇ ਘਟੀਆ ਕਾਨੂੰਨ ਬਣਾ ਕੇ, ਅਜੇ ਵੀ ਸੋਧ ਦੀਆਂ ਗੱਲਾਂ ਹੀ ਕੀਤੀਆਂ ਜਾ ਰਹੀਆਂ ਹਨ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ 8 ਦਸੰਬਰ ਨੂੰ ਭਾਰਤ ਬੰਦ ਨੂੰ ਸਫਲ ਬਣਾਉਣ ਲਈ, ਪੂਰੇ ਜ਼ਾਬਤੇ ਨਾਲ ਸੰਘ ਕੀਤਾ ਜਾਵੇਗਾ।