ਦਿੱਲੀ ’ਚ ਅਮਨ ਕਾਨੂੰਨ ਕਾਇਮ ਰੱਖਣ ਵਿੱਚ ਕੇਂਦਰ ਸਰਕਾਰ ਨਾਕਾਮ: ‘ਆਪ’
ਨਵੀਂ ਦਿੱਲੀ, 21 ਅਕਤੂਬਰ
ਆਮ ਆਦਮੀ ਪਾਰਟੀ (ਆਪ) ਨੇ ਕੌਮੀ ਰਾਜਧਾਨੀ ਦੇ ਵੱਖ-ਵੱਖ ਖੇਤਰਾਂ ਵਿੱਚ ਅਪਰਾਧਕ ਗਤੀਵਿਧੀਆਂ ਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰਨ ’ਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ। ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਰਾਸ਼ਟਰੀ ਰਾਜਧਾਨੀ ਵਿੱਚ ਕਾਨੂੰਨ ਵਿਵਸਥਾ ਵਿਗੜ ਰਹੀ ਹੈ। ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਿੱਲੀ ’ਚ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼ਹਿਰ ਵਿੱਚ ਕਈ ਗਰੋਹ ਸਰਗਰਮ ਹਨ, ਜੋ ਸ਼ਹਿਰ ਦੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ। ਭਾਰਦਵਾਜ ਨੇ ਭਾਜਪਾ ਤੋਂ ਮੰਗ ਕੀਤੀ ਕਿ ਉਹ ਕੇਂਦਰ ਸਰਕਾਰ ਵੱਲੋਂ ਪਿਛਲੇ 10 ਸਾਲਾਂ ਵਿੱਚ ਦਿੱਲੀ ਵਿੱਚ ਕਾਨੂੰਨ ਵਿਵਸਥਾ ਸੁਧਾਰਨ ਲਈ ਚੁੱਕੇ ਗਏ ਕਦਮਾਂ ਦਾ ਰਿਪੋਰਟ ਕਾਰਡ ਪੇਸ਼ ਕਰੇ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਭਾਜਪਾ ਦੀ ਕੇਂਦਰ ਸਰਕਾਰ ਦਿੱਲੀ ਦੀ ਕਾਨੂੰਨ ਵਿਵਸਥਾ ਨੂੰ ਸੰਭਾਲਣ ਦੇ ਸਮਰੱਥ ਨਹੀਂ ਹੈ ਤਾਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਿਵੇਂ ਕਰੇਗੀ। ਐਤਵਾਰ ਨੂੰ ਕਸ਼ਮੀਰ ਵਿੱਚ ਪਰਵਾਸੀ ਮਜ਼ਦੂਰਾਂ ਸਮੇਤ ਸੱਤ ਲੋਕਾਂ ਦੀ ਹੱਤਿਆ ਦਾ ਜ਼ਿਕਰ ਕਰਦੇ ਹੋਏ ‘ਆਪ’ ਨੇਤਾ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ ਦੇ ਹਾਲਾਤ ਨੂੰ ਸੰਭਾਲਣ ਵਿੱਚ ਅਸਮਰੱਥ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਬੇਨਕਾਬ ਹੋ ਚੁੱਕੀ ਹੈ। ਕਸ਼ਮੀਰ ਨੂੰ ਛੱਡੋ, ਉਹ ਦਿੱਲੀ ਵਿਚ ਵੀ ਕਾਨੂੰਨ ਵਿਵਸਥਾ ਨੂੰ ਸੰਭਾਲਣ ਦੇ ਯੋਗ ਨਹੀਂ ਹਨ। ਉਸ ਨੇ ਦਿੱਲੀ ਵਿੱਚ ਟਰੈਫਿਕ ਜਾਮ ਦਾ ਮੁੱਦਾ ਵੀ ਉਠਾਇਆ ਅਤੇ ਦਾਅਵਾ ਕੀਤਾ ਕਿ ਕੇਂਦਰ ਨੇ ਸ਼ਹਿਰ ਵਿੱਚ ਡਰਾਈਵਰਾਂ ਅਤੇ ਯਾਤਰੀਆਂ ਨੂੰ ਰਾਹਤ ਦੇਣ ਲਈ ਕੁਝ ਨਹੀਂ ਕੀਤਾ। -ਪੀਟੀਆਈ