ਪੰਜਾਬ ’ਚੋਂ ਚੌਲਾਂ ਦੀ ਲਿਫਟਿੰਗ ਨਹੀਂ ਕਰਵਾ ਰਹੀ ਕੇਂਦਰ ਸਰਕਾਰ: ਬਰਸਟ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 10 ਸਤੰਬਰ
ਅੱਜ ਇੱਥੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚੋਂ ਚੌਲਾਂ ਦੀ ਸਹੀ ਢੰਗ ਨਾਲ ਲਿਫ਼ਟਿੰਗ ਨਹੀਂ ਕਰਵਾਈ ਜਾ ਰਹੀ ਹੈ। ਇਸ ਕਰ ਕੇ ਪੰਜਾਬ ਵਿੱਚ ਫ਼ਸਲ ਭੰਡਾਰਨ ਦੀ ਨਵੀਂ ਸਮੱਸਿਆ ਪੈਦਾ ਹੋ ਗਈ ਹੈ। ਜਦੋਂ ਕਿ ਸਾਉਣੀ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਜਿਸ ਦਾ ਸਿੱਧਾ ਅਸਰ ਕਿਸਾਨਾਂ, ਆੜ੍ਹਤੀਆਂ, ਰਾਈਸ ਮਿੱਲਰਾਂ ਸਣੇ ਸਾਰਿਆਂ ’ਤੇ ਪਵੇਗਾ।’
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਅਤੇ ਕਿਸਾਨਾਂ ਦੀਆਂ ਮੰਗਾਂ ਬਾਰੇ ਭਲੀਭਾਂਤ ਜਾਣੂ ਹਨ ਪਰ ਕੇਂਦਰ ਸਰਕਾਰ ਨੇ ਕਦੇ ਵੀ ਕਿਸਾਨਾਂ ਦੀ ਬਾਂਹ ਨਹੀਂ ਫੜੀ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਵਿਕਾਸ ਲਈ ਫੰਡ ਜਾਰੀ ਕਰਨ ਤੋਂ ਵੀ ਹੱਥ ਘੁੱਟਿਆ ਜਾਂਦਾ ਹੈ। ਸ੍ਰੀ ਬਰਸਟ ਨੇ ਦੱਸਿਆ ਕਿ ਪੰਜਾਬ ਵਿੱਚ ਚੌਲਾਂ ਦੇ ਭੰਡਾਰਨ ਕਰ ਕੇ ਜਗ੍ਹਾ ਦੀ ਘਾਟ ਹੈ। ਪਿਛਲੇ ਕੁਝ ਮਹੀਨਿਆਂ ਤੋਂ ਚੌਲਾਂ ਦੀ ਲਿਫ਼ਟਿੰਗ ਵਿੱਚ ਭਾਰੀ ਕਮੀ ਆਉਣ ਕਾਰਨ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਅਕਤੂਬਰ ਤੋਂ ਮੰਡੀਕਰਨ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਪ੍ਰੰਤੂ ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਇਸ ਮੁੱਦੇ ਨੂੰ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ, ਜਦ ਕਿ ਕਿਸਾਨਾਂ, ਆੜ੍ਹਤੀਆਂ ਅਤੇ ਅਨਾਜ ਭੰਡਾਰਨ ਨਾਲ ਜੁੜੇ ਇਸ ਮੁੱਦੇ ਨੂੰ ਤੁਰੰਤ ਪ੍ਰਭਾਵ ਨਾਲ ਫੌਰੀ ਹੱਲ ਕਰਨ ਦੀ ਬੇਹੱਦ ਲੋੜ ਹੈ।
ਉਨ੍ਹਾਂ ਕਿਹਾ ਕਿ ਝੋਨੇ ਦੇ ਆਗਾਮੀ ਸੀਜ਼ਨ ਦੌਰਾਨ ਇਸ ਵਾਰ ਮੰਡੀਆਂ ਵਿੱਚ ਬੰਪਰ ਫ਼ਸਲ ਆਉਣ ਦੀ ਸੰਭਾਵਨਾ ਹੈ। ਪਿਛਲੇ ਸੀਜ਼ਨ 2023-24 ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ ਪੱਧਰ ’ਤੇ ਕਰੀਬ 186.57 ਲੱਖ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ ਦਾ ਛੇਤੀ ਹੱਲ ਕਰਨਾ ਚਾਹੀਦਾ ਹੈ, ਕਿਉਂਕਿ ਪੰਜਾਬ ਦੇ ਰਾਈਸ ਮਿੱਲਾਂ ਵਿੱਚ ਥਾਂ ਦੀ ਘਾਟ ਹੋਣਾ ਬਹੁਤ ਵੱਡੀ ਸਮੱਸਿਆ ਬਣੀ ਹੋਈ ਹੈ, ਜਿਸ ਨਾਲ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖ਼ਰੀਦ ਵੀ ਪ੍ਰਭਾਵਿਤ ਹੋ ਸਕਦੀ ਹੈ। ਸ੍ਰੀ ਬਰਸਟ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਵਿਤਕਰਾ ਨਾ ਕਰਦੇ ਹੋਏ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਕਿਸਾਨਾਂ ਨਾਲ ਜੁੜੇ ਮਸਲਿਆਂ ਨੂੰ ਅਹਿਮੀਅਤ ਦੇਣੀ ਚਾਹੀਦੀ ਹੈ।