ਐੱਮਐੱਸਪੀ ਗਾਰੰਟੀ ਕਾਨੂੰਨ ਤੋਂ ਭੱਜ ਰਹੀ ਹੈ ਕੇਂਦਰ ਸਰਕਾਰ: ਪਰਵਿੰਦਰ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 10 ਜਨਵਰੀ
ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਫ਼ਸਲਾਂ ’ਤੇ ਐੱਮਐੱਸਪੀ ਗਾਰੰਟੀ ਕਾਨੂੰਨ ਬਣਾਉਣ ਤੋਂ ਭੱਜ ਰਹੀ ਹੈ। ਹਾਲਾਂਕਿ ਪੰਜਾਬ ’ਚੋਂ ਪਿਛਲੇ ਸਾਲ ਕਣਕ ਦੀ ਫ਼ਸਲ 2300 ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਚੁੱਕੀ ਗਈ ਹੈ ਪਰ ਅੱਜ ਆਟਾ 40 ਰੁਪਏ ਕਿੱਲੋ ਵਿਕ ਰਿਹਾ ਹੈ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿਸਾਨ ਦੀ ਕਿੰਨੀ ਲੁੱਟ ਹੋ ਰਹੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਹੀ ਨਹੀਂ ਆਟਾ ਮਿੱਲ ਐਸੋਸੀਏਸ਼ਨ ਵੀ ਕਹਿ ਰਹੀ ਹੈ ਕਿ ਕਣਕ ਦੀ ਘਾਟ ਕਾਰਨ ਆਟਾ ਮਿੱਲਾਂ ਬੰਦ ਹੋ ਰਹੀਆਂ ਹਨ ਪਰ ਕੇਂਦਰ ਚੁੱਪ ਵੱਟ ਕੇ ਬੈਠੀ ਹੈ। ਪਰਵਿੰਦਰ ਸਿੰਘ ਸੋਹਾਣਾ ਨੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਫੌਰੀ ਮੰਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬੀਜ, ਖਾਦ ਅਤੇ ਸਿੰਜਾਈ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ।