ਕੇਂਦਰੀ ’ਵਰਸਿਟੀ ਦੇ ਵਿਦਿਆਰਥੀ ਯੁਵਾ ਸੰਸਦ ਮੁਕਾਬਲੇ ਵਿੱਚ ਜੇਤੂ
ਪੱਤਰ ਪ੍ਰੇਰਕ
ਬਠਿੰਡਾ, 18 ਜੁਲਾਈ
ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ (ਸੀਯੂਪੀਬੀ) ਦੇ ਵਿਦਿਆਰਥੀਆਂ ਨੇ ਲਗਾਤਾਰ ਦੂਜੀ ਵਾਰ ਕੌਮੀ ਯੁਵਾ ਸੰਸਦ ਮੁਕਾਬਲੇ ਦੇ ਜੇਤੂ ਬਣ ਕੇ ਇਤਿਹਾਸ ਸਿਰਜਿਆ ਹੈ। ਉਨ੍ਹਾਂ ਨੇ ਭਾਰਤ ਸਰਕਾਰ ਦੇ ਸੰਸਦੀ ਮਾਮਲਿਆਂ ਦੇ ਮੰਤਰਾਲੇ ਦੀ ਅਗਵਾਈ ਹੇਠ ਯੂਨੀਵਰਸਿਟੀ/ਕਾਲਜ ਪੱਧਰ ਦੇ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਵੱਕਾਰੀ ਮੁਕਾਬਲੇ ਵਿੱਚ ਦੇਸ਼ ਭਰ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ 55 ਵਿਦਿਆਰਥੀਆਂ ਦੀਆਂ ਕੁੱਲ 38 ਟੀਮਾਂ ਨੇ ਭਾਗ ਲਿਆ। ਰਾਸ਼ਟਰੀ ਯੁਵਾ ਸੰਸਦ ਮੁਕਾਬਲਾ ਦੇਸ਼ ਭਰ ਦੇ ਨੌਜਵਾਨਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ, ਵਿਚਾਰਸ਼ੀਲ ਬਹਿਸ ਵਿੱਚ ਸ਼ਾਮਲ ਹੋਣ ਅਤੇ ਸੰਸਦੀ ਕਾਰਵਾਈ ਨੂੰ ਸਮਝਣ ਲਈ ਇੱਕ ਮੰਚ ਪ੍ਰਦਾਨ ਕਰਦਾ ਹੈ। ਜੇਤੂ ਰਹੇ ਸੀਯੂਪੀਬੀ ਦੇ ਵਿਦਿਆਰਥੀਆਂ ਨੂੰ ਇਨਾਮ ਵੰਡ ਸਮਾਰੋਹ ਦੌਰਾਨ ਭਾਰਤ ਦੀ ਸੰਸਦ ਵਿੱਚ ਆਪਣੀ ਕਾਰਗੁਜ਼ਾਰੀ ਦਿਖਾਉਣ ਦਾ ਮੌਕਾ ਵੀ ਮਿਲੇਗਾ। ਇਸ ਖੁਸ਼ੀ ਦੇ ਮੌਕੇ ‘ਤੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਤਰੁਣ ਅਰੋੜਾ ਨੂੰ ਯੂਨੀਵਰਸਿਟੀ ਦਾ ਮਾਣ ਵਧਾਉਣ ਲਈ ਵਧਾਈ ਦਿੱਤੀ।