India blocks Pak YouTube channels: ਕੇਂਦਰ ਨੇ ਭੜਕਾਊ ਜਾਣਕਾਰੀ ਦੋਸ਼ ’ਚ 16 ਪਾਕਿ ਯੂਟਿਊਬ ਚੈਨਲ ਬਲੌਕ ਕੀਤੇ
ਨਵੀਂ ਦਿੱਲੀ, 28 ਅਪਰੈਲ
ਕੇਂਦਰ ਸਰਕਾਰ ਨੇ ਦੇਸ਼ ਦੀ ਸੁਰੱਖਿਆ ਅਤੇ ਅਖੰਡਤਾ ਦੇ ਮੱਦੇਨਜ਼ਰ ਇੱਕ ਵੱਡਾ ਕਦਮ ਚੁੱਕਦਿਆਂ ਭਾਰਤ ਵਿੱਚ 16 ਪਾਕਿਸਤਾਨੀ ਯੂਟਿਊਬ ਚੈਨਲਾਂ ਨੂੰ ਬਲੌਕ ਕਰ ਦਿੱਤਾ ਹੈ। ਇਹ ਕਾਰਵਾਈ ਪਹਿਲਗਾਮ ਹਮਲੇ ਮਗਰੋਂ ਗ੍ਰਹਿ ਮੰਤਰਾਲੇ ਦੀਆਂ ਸਿਫਾਰਸ਼ਾਂ ’ਤੇ ਕੀਤੀ ਗਈ ਹੈ।
ਇਹ ਚੈਨਲ ਭਾਰਤ ਵਿਰੁੱਧ ਪ੍ਰਚਾਰ ਅਤੇ ਦੇਸ਼ ਵਿਰੋਧੀ ਸਮੱਗਰੀ ਪ੍ਰਸਾਰਿਤ ਕਰ ਰਹੇ ਸਨ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਨੇ ਮੁਲਕ ਦੀਆਂ ਫੌਜਾਂ ਅਤੇ ਸੁਰੱਖਿਆ ਏਜੰਸੀਆਂ ਵਿਰੁੱਧ ਕਥਿਤ ਤੌਰ ’ਤੇ ਭੜਕਾਊ ਅਤੇ ਫਿਰਕੂ ਤੌਰ ’ਤੇ ਸੰਵੇਦਨਸ਼ੀਲ ਸਮੱਗਰੀ ਫੈਲਾਉਣ ਦੇ ਨਾਲ-ਨਾਲ ਝੂਠੇ ਅਤੇ ਗੁੰਮਰਾਹਕੁਨ ਪ੍ਰਚਾਰ ਦੇ ਦੋੋਸ਼ ਹੇਠ 16 ਪਾਕਿਸਤਾਨੀ ਯੂਟਿਊਬ ਚੈਨਲਾਂ ਨੂੰ ਬਲੌਕ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਸਰਕਾਰ ਨੇ ਪਹਿਲਗਾਮ ਦੁਖਾਂਤ ’ਤੇ ਆਪਣੀ ਰਿਪੋਰਟਿ ਵਿੱਚ ਅਤਿਵਾਦੀਆਂ ਨੂੰ ‘ਖਾੜਕੂ’ ਕਹਿਣ ਲਈ ਬੀਬੀਸੀ ਨੂੰ ਇੱਕ ਰਸਮੀ ਪੱਤਰ ਵੀ ਭੇਜਿਆ ਹੈ। ਉਨ੍ਹਾਂ ਕਿਹਾ ਕਿ ਬਲੌਕ ਕੀਤੇ YouTube channels ਵਿੱਚ Dawn News, Irshad Bhatti, SAMAA TV, ARY NEWS, BOL NEWS, Raftar, The Pakistan Referenc, Geo News, Samaa Sports, GNN, Uzair Cricket, Umar Cheema Exclusive, Asma Shirazi, Muneeb Farooq, SUNO News and Razi Naama ਸ਼ਾਮਲ ਹਨ। ਇਨ੍ਹਾਂ ਚੈਨਲਾਂ ’ਤੇ ਭਾਰਤ ਵਿਰੁੱਧ ਗਲਤ ਜਾਣਕਾਰੀ ਅਤੇ ਨਫ਼ਰਤ ਫੈਲਾਉਣ ਦਾ ਦੋਸ਼ ਹੈ।
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ, ਕੇਂਦਰ ਸਰਕਾਰ ਨੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਕਈ ਸਖ਼ਤ ਕਦਮ ਚੁੱਕੇ ਹਨ। ਇਸ ਤਹਿਤ ਡਿਜੀਟਲ ਮਾਧਿਅਮ ਰਾਹੀਂ ਫੈਲਾਏ ਜਾ ਰਹੇ ਪ੍ਰਚਾਰ ਅਤੇ ਅਫਵਾਹਾਂ ਨੂੰ ਰੋਕਣ ਲਈ ਇਹ ਸਖ਼ਤ ਫੈਸਲਾ ਲਿਆ ਗਿਆ ਹੈ।
ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਭਾਰਤ ਦੀ ਏਕਤਾ, ਪ੍ਰਭੂਸੱਤਾ ਅਤੇ ਸ਼ਾਂਤੀ ਖ਼ਿਲਾਫ਼ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸੂਚਨਾ ਅਤੇ ਪ੍ਰਸਾਰਨ ਮੰਤਰਾਲਾ ਅਤੇ ਗ੍ਰਹਿ ਮੰਤਰਾਲਾ ਸਾਂਝੇ ਤੌਰ ’ਤੇ ਅਜਿਹੇ ਚੈਨਲਾਂ ਦੀ ਨਿਗਰਾਨੀ ਕਰ ਰਹੇ ਹਨ ਜੋ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਂਦੇ ਹਨ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਭਾਰਤ ਸਰਕਾਰ ਨੇ ਕਈ ਯੂਟਿਊਬ ਚੈਨਲਾਂ ਅਤੇ ਵੈੱਬਸਾਈਟਾਂ ਨੂੰ ਬਲੌਕ ਕਰ ਦਿੱਤਾ ਸੀ ਜੋ ਫਰਜ਼ੀ ਖ਼ਬਰਾਂ ਅਤੇ ਪ੍ਰਚਾਰ ਵਿੱਚ ਸ਼ਾਮਲ ਸਨ। ਸਰਕਾਰ ਦਾ ਕਹਿਣਾ ਹੈ ਕਿ ਡਿਜੀਟਲ ਸਪੇਸ ਵਿੱਚ ਵੀ ਭਾਰਤ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। -ਪੀਟੀਆਈ