ਕੇਂਦਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਨੂੰ ਬਣਦਾ ਸਨਮਾਨ ਨਾ ਦੇਣ ਦੀ ਆਲੋਚਨਾ
ਪੱਤਰ ਪ੍ਰੇਰਕ
ਮਾਨਸਾ, 29 ਦਸੰਬਰ
ਸੀਪੀਆਈ (ਐੱਮਐੱਲ) ਲਿਬਰੇਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪ੍ਰੋਟੋਕੋਲ ਅਨੁਸਾਰ ਯਮਨਾ ਦੇ ਕਿਨਾਰੇ ਨਾ ਕੀਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਹੈ।
ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਅਤੇ ਬੁਲਾਰੇ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਪ੍ਰੋਟੋਕੋਲ ਰਿਹਾ ਹੈ ਕਿ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਉਪ ਪ੍ਰਧਾਨ ਮੰਤਰੀਆਂ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸਸਕਾਰ ਯਮਨਾ ਦੇ ਕਿਨਾਰੇ ਰਾਜ ਘਾਟ ਵਿਖੇ ਕੀਤਾ ਜਾਂਦਾ ਰਿਹਾ ਹੈ ਅਤੇ ਉਥੇ ਹੀ ਉਨ੍ਹਾਂ ਦੇ ਸਮਾਰਕ ਬਣਾਏ ਜਾਂਦੇ ਰਹੇ ਹਨ। ਲਿਬਰੇਸ਼ਨ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਵਲੋਂ ਲਿਆਂਦੇ ਜਿਵੇਂ ਦੇਸ਼ ਦੀਆਂ ਤਮਾਮ ਸੰਵਿਧਾਨਕ ਸੰਸਥਾਵਾਂ ਦੀ ਆਪਣੇ ਸਿਆਸੀ ਸੁਆਰਥਾਂ ਲਈ ਦੁਰਵਰਤੋਂ ਕੀਤੀ ਜਾ ਰਹੀ ਹੈ ਉਸੇ ਤਰ੍ਹਾਂ ਉਹ ਯਮਨਾ ਕਿਨਾਰੇ ਰਾਜ ਘਾਟ ਦੀ ਵੀ ਮਨਮਾਨੇ ਢੰਗ ਨਾਲ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਫਾਸੀ ਵਰਤਾਰੇ ਦਾ ਹੀ ਹਿੱਸਾ ਹੈ, ਜਿਸ ਦਾ ਭਾਰਤ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਅਤੇ ਦੇਸ਼ ਦੇ ਬੁੱਧੀਜੀਵੀਆਂ ਨੂੰ ਖੁੱਲ ਕੇ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤੇ ਬੀਜੇਪੀ ਇਕ ਸਿਆਸੀ ਵਿਰੋਧੀ ਵਜੋਂ ਕਾਂਗਰਸ ਨਾਲ ਸਿਆਸੀ ਲੜਾਈ ਲੜੇ ਪਰ ਡਾ. ਮਨਮੋਹਨ ਸਿੰਘ ਨਾਲ ਅਜਿਹਾ ਵਿਵਹਾਰ ਬਿਲਕੁਲ ਗ਼ਲਤ ਤੇ ਇਤਰਾਜ਼ਯੋਗ ਹੈ।