ਕੇਂਦਰ ਨੂੰ ਕਿਸਾਨਾਂ ਨਾਲੋਂ ਪੂੰਜੀਪਤੀਆਂ ਦੀ ਵਧੇਰੇ ਚਿੰਤਾ: ਰਾਜੇਵਾਲ
ਜੋਗਿੰਦਰ ਸਿੰਘ ਓਬਰਾਏ
ਖੰਨਾ, 31 ਦਸੰਬਰ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਢਾਬੀਗੁਜਰਾਂ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਖ਼ਰਾਬ ਹੋ ਰਹੀ ਸਿਹਤ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਲਈ ਕਦੇ ਵੀ ਗੰਭੀਰ ਨਹੀਂ ਹੋਈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲੋਂ ਕਾਰਪੋਰੇਟ ਘਰਾਣਿਆਂ ਦਾ ਵੱਧ ਫ਼ਿਕਰ ਹੈ। ਸ੍ਰੀ ਰਾਜੇਵਾਲ ਇੱਥੋਂ ਦੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿੱਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਸੂਬਾ ਪੱਧਰੀ ਇਕੱਤਰਤਾ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਨੌਂ ਜਨਵਰੀ ਨੂੰ ਅਨਾਜ ਮੰਡੀ ਮੋਗਾ ਵਿੱਚ ਕੀਤੀ ਜਾਣ ਵਾਲ਼ੀ ਮਹਾਪੰਚਾਇਤ ਵਿੱਚ ਸ਼ਮੂਲੀਅਤ ਲਈ ਕਿਸਾਨਾਂ ਨੂੰ ਲਾਮਬੰਦ ਕਰਨ ਵਾਸਤੇ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਕਿਸਾਨਾਂ-ਮਜ਼ਦੂਰਾਂ ਨੇ ਤਿੰਨ ਖੇਤੀ ਕਾਨੂੰਨ ਵਾਪਸ ਕਰਵਾਏ ਸਨ ਪਰ ਇੱਕ ਵਾਰ ਫਿਰ ਕੇਂਦਰ ਸਰਕਾਰ ਨੇ ਖੇਤੀਬਾੜੀ ਮੰਡੀਕਰਨ ਦੇ ਢਾਂਚੇ ਨੂੰ ਤੋੜਨ ਲਈ ਨਵੇਂ ਸਿਰੇ ਤੋਂ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਸਾਰੇ ਸੂਬਿਆਂ ਨੂੰ ਭੇਜ ਕੇ ਮੰਗ ਕੀਤੀ ਹੈ ਕਿ ਉਹ ਇਸ ਉੱਤੇ ਵਿਚਾਰ ਲਿਖ ਕੇ ਕੇਂਦਰ ਸਰਕਾਰ ਨੂੰ ਭੇਜਣ।
ਕਿਸਾਨੀ ਮਸਲੇ ਹੱਲ ਕਰਨ ਲਈ ਰਾਸ਼ਟਰਪਤੀ ਨੂੰ ਅਪੀਲ
ਲੁਧਿਆਣਾ (ਗੁਰਿੰਦਰ ਸਿੰਘ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਦੇਸ਼ ਦੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨੀ ਮਸਲਿਆਂ ਦੇ ਹੱਲ ਲਈ ਦਖ਼ਲਅੰਦਾਜ਼ੀ ਕਰਕੇ ਕੇਂਦਰ ਸਰਕਾਰ ਉੱਪਰ ਮੰਗਾਂ ਮੰਨਣ ਸਬੰਧੀ ਦਬਾਅ ਪਾਉਣ। ਅੱਜ ਭਾਈ ਰਣਧੀਰ ਸਿੰਘ ਨਗਰ ਸਥਿਤ ਹਾਊਸਿੰਗ ਬੋਰਡ ਕਲੋਨੀ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਜਥੇਬੰਦੀ ਦੀ ਹੋਈ ਸੂਬਾ ਪੱਧਰੀ ਮੀਟਿੰਗ ਦੌਰਾਨ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਰਾਸ਼ਟਰਪਤੀ ਨੂੰ ਇੱਕ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ ਤਾਂ ਕਿ ਉਹ ਕਿਸਾਨੀ ਮਸਲਿਆਂ ਸਬੰਧੀ ਵਿਸਥਾਰਤ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨਾਂ ਅਤੇ ਸੂਬਾਈ ਕਾਰਜਕਾਰਨੀ ਮੈਂਬਰਾਂ ਨੇ ਕਿਸਾਨਾਂ ਦੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਪ੍ਰਧਾਨ ਕਾਦੀਆਂ ਨੇ ਦੱਸਿਆ ਕਿ ਕਿਸਾਨ ਪੰਚਾਇਤ ਦੀ ਸਫ਼ਲਤਾ ਲਈ ਡਿਊਟੀਆਂ ਲਾਈਆਂ।