ਕੇਂਦਰ ਅੜੀ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰੇ: ਭਗਵੰਤ ਮਾਨ
ਚੰਡੀਗੜ੍ਹ (ਟਨਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤੇ ਜਾਣ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਰੱਖਣ ਲਈ ਮੌਕਾ ਨਾ ਦੇਣ ਦੀ ਸਖ਼ਤ ਆਲੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਆਪਣਾ ਹੰਕਾਰੀ ਅਤੇ ਅੜੀ ਵਾਲਾ ਰਵੱਈਆ ਛੱਡ ਕੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਸੇ ਵਿਸ਼ੇਸ਼ ਮੌਕੇ ਦੀ ਉਡੀਕ ਨਹੀਂ ਕਰਨੀ ਚਾਹੀਦੀ, ਸਗੋਂ ਪਹਿਲ ਦੇ ਆਧਾਰ ਉਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਚਾਹੀਦਾ ਹੈ। ਸ੍ਰੀ ਮਾਨ ਨੇ ਕਿਹਾ ਕਿ ਮੋਦੀ ਦੇਸ਼ ਦੇ ਅੰਨਦਾਤੇ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ ਕਰਕੇ ‘ਗਲੋਬਲ ਲੀਡਰ’ ਬਣਨ ਲਈ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਵਿੱਚ ਦਖ਼ਲਅੰਦਾਜ਼ੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪਹਿਲਾਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨਾ ਚਾਹੀਦਾ ਹੈ।