ਸੌ ਸਾਲ ਪੂਰੇ ਹੋਣ ’ਤੇ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਸਮਾਗਮ
ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 25 ਅਕਤੂਬਰ
ਪੰਜਾਬ ਵਕਫ਼ ਬੋਰਡ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸਥਾਨਕ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ ’ਤੇ ਬੋਰਡ ਦੇ ਪ੍ਰਸ਼ਾਸਕ ਸ਼ੌਕਤ ਅਹਿਮਦ ਪਰੇ (ਆਈਏਐਸ) ਦੀ ਅਗਵਾਈ ਅਤੇ ਬੋਰਡ ਦੇ ਸਾਬਕਾ ਪ੍ਰਸ਼ਾਸਕ ਡਾ. ਮਨਜ਼ੂਰ ਅਹਿਮਦ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ। ਇਸ ਵਿੱਚ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਬੋਰਡ ਦੇ ਮੁੱਖ ਕਾਰਜਕਾਰੀ ਅਫ਼ਸਰ ਡਾ. ਮੁਹੰਮਦ ਅਸਲਮ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮਨਜ਼ੂਰ ਅਹਿਮਦ ਨੇ ਲੜਕੀਆਂ ਨੂੰ ਸਿੱਖਿਅਤ ਕਰਨ ਤੇ ਵਿਦਿਆਰਥੀਆਂ ਨੂੰ ਵਿਗਿਆਨ ਵਿਸ਼ੇ ਦੀ ਪੜ੍ਹਾਈ ਕਰਾਉਣ ’ਤੇ ਜ਼ੋਰ ਦਿੱਤਾ। ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਦੀ ਨਵੀਂ ਇਮਾਰਤ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮਾਡਲਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੇ ਸਕੂਲ ਦੇ 80 ਦੇ ਕਰੀਬ ਪੁਰਾਣੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।