ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਸਮਾਗਮ
ਪੱਤਰ ਪ੍ਰੇਰਕ
ਪਟਿਆਲਾ 29 ਅਗਸਤ
ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਨੌਵੇਂ ਪਾਤਸ਼ਾਹ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾ ਦਿਵਸ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਅਤੇ ਹਜ਼ੂਰੀ ਕੀਰਤਨੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਸਰਵਣ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਹੈੱਡ ਗ੍ਰੰਥੀ ਭਾਈ ਭੁਪਿੰਦਰਪਾਲ ਸਿੰਘ ਨੇ ਸਰਬੱਤ ਦੀ ਭਲੇ ਅਰਦਾਸ ਕੀਤੀ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸੁਰਜੀਤ ਸਿੰਘ ਗੜ੍ਹੀ ਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੇ 318ਵੇਂ ਸੰਪੂਰਨਤਾ ਦਿਵਸ ਦੀ ਵਧਾਈ ਦਿੱਤੀ ਅਤੇ ਇਤਿਹਾਸ ਬਾਰੇ ਜਾਣੂ ਕਰਵਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਵੀ ਸਨਮਾਨਤ ਕੀਤਾ।