ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਸਮਾਗਮ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਨਵੰਬਰ
ਗ਼ਦਰ ਲਹਿਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋ ਸਰਕਾਰੀ ਰਣਬੀਰ ਕਾਲਜ ਵਿੱਚ ਸਮਾਗਮ ਕਰਵਾਇਆ ਗਿਆ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਮਹਾਨ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ਬਾਰੇ ਜਾਣੂ ਕਰਵਾਇਆ ਅਤੇ ਸ਼ਹੀਦ ਦੀ ਇਨਕਲਾਬੀ ਸੋਚ ਤੋਂ ਪ੍ਰੇਰਨਾ ਲੈਣ ਦੀ ਆਖਿਆ। ਵਿਦਿਆਰਥੀ ਆਗੂ ਗੁਰਪ੍ਰੀਤ ਸਿੰਘ ਕਣਕਵਾਲ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਿਜਦਾ ਕਰਦਿਆਂ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਪਰ ਅੱਜ ਦੀ ਨੌਜਵਾਨ ਪੀੜ੍ਹੀ ਆਪਣਾ ਮੁਲਕ ਛੱਡ ਕੇ ਵਿਦੇਸ਼ਾਂ ਨੂੰ ਦੌੜ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਨਕਲਾਬੀ ਸੋਚ ਦੇ ਧਾਰਨੀ ਬਣਨ ਲਈ ਪ੍ਰੇਰਿਆ। ਵਿਦਿਆਰਥੀ ਆਗੂ ਸੁਖਚੈਨ ਸਿੰਘ ਪੁੰਨਾਂਵਾਲ ਨੇ ਕਾਲਜ ਵਿੱਚ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਲਜ ਦੀ ਪੀ.ਟੀ.ਏ. ਬਲਾਕ ਦੇ ਦਸ ਕਮਰਿਆਂ ਦੇ ਬਰਾਂਡਿਆਂ ਦੀ ਉਸਾਰੀ ਚੱਲਣ ਕਾਰਨ ਲਗਭਗ 4 ਮਹੀਨਿਆਂ ਤੋਂ ਕਲਾਸਾਂ ਬਾਹਰ ਲੱਗ ਰਹੀਆਂ ਹਨ ਜਿਸ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਸਰਕਾਰੀ ਕਾਲਜ ਦੀ ਇਮਾਰਤ ਨੂੰ ਵਾਰ ਵਾਰ ਗੈਰ ਵਿੱਦਿਅਕ ਕੰਮਾਂ ਲਈ ਵਰਤਿਆ ਜਾ ਰਿਹਾ ਹੈ। ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਲਜ ਦੇ ਤਿੰਨ ਕਮਰੇ ਅਤੇ ਰੂਸਾ ਬਲਾਕ ਦੀ ਸਾਰੀ ਬਿਲਡਿੰਗ ਆਪਣੇ ਕਬਜ਼ੇ ਵਿੱਚ ਲੈ ਲਈ ਹੈ ਅਤੇ ਜੂਨ 2024 ਤੱਕ ਆਪਣੇ ਕਬਜ਼ੇ ਹੇਠ ਰੱਖਿਆ ਜਾਵੇਗਾ। ਵਿਦਿਆਰਥੀਆਂ ਨੇ ਇਸ ਦੇ ਵਿਰੋਧ ’ਚ ਮਾਰਚ ਕੀਤਾ ਗਿਆ ਅਤੇ ਪ੍ਰਿੰਸੀਪਲ ਨੂੰ ਮੰਗ ਪੱਤਰ ਸੌਂਪਿਆ। ਮੰਚ ਸੰਚਾਲਨ ਸਹਿਜ ਦਿੜ੍ਹਬਾ ਨੇ ਕੀਤਾ।