ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵੱਲੋਂ ਕੈਬਨਿਟ ਮੰਤਰੀ ਰਵਜੋਤ ਨਾਲ ਮੁਲਾਕਾਤ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 22 ਅਕਤੂਬਰ
ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਲੰਘੇ ਸੋਮਵਾਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਨਾਲ ਮੁਲਾਕਾਤ ਕਰ ਕੇ ਬਠਿੰਡਾ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਬਾਰੇ ਵਿਚਾਰ ਚਰਚਾ ਕੀਤੀ। ਸ੍ਰੀ ਭੱਲਾ ਨੇ ਦੱਸਿਆ ਕਿ ਡਾ. ਰਵਜੋਤ ਨਾਲ ਬਹੁਤ ਚੰਗੇ ਅਤੇ ਖੁੱਲ੍ਹੇ ਮਾਹੌਲ ਵਿੱਚ ਹੋਈ ਮੁਲਾਕਾਤ ਦੌਰਾਨ ਉਨ੍ਹਾਂ ਨਗਰ ਸੁਧਾਰ ਟਰੱਸਟ ਵੱਲੋਂ ਬਠਿੰਡਾ ਸ਼ਹਿਰ ਦੇ ਪ੍ਰਸਤਾਵਿਤ ਪ੍ਰਾਜੈਕਟਾਂ ਬਾਰੇ ਮੰਤਰੀ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਬੀਤੇ ਦਿਨੀਂ ਤਿਆਰ ਹੋਏ ‘ਸ਼ਹੀਦ ਕਰਤਾਰ ਸਿੰਘ ਸਰਾਭਾ ਸੈਰਗਾਹ’ ਬਾਰੇ ਕੈਬਨਿਟ ਮੰਤਰੀ ਨੂੰ ਦੱਸਿਆ। ਉਨ੍ਹਾਂ ਟਰੱਸਟ ਵੱਲੋਂ ਬਠਿੰਡਾ ਸ਼ਹਿਰ ਦੀ ਤਰੱਕੀ ਤੇ ਵਿਕਾਸ ਲਈ ਉਲੀਕੀਆਂ ਭਵਿੱਖੀ ਯੋਜਨਾਵਾਂ ਸਬੰਧੀ ਵੀ ਮੰਤਰੀ ਨਾਲ ਵਿਚਾਰ ਚਰਚਾ ਕੀਤੀ। ਡਾ. ਰਵਜੋਤ ਨੇ ਸ੍ਰੀ ਭੱਲਾ ਵੱਲੋਂ ਪਾਰਟੀ ਦੀ ਮਜ਼ਬੂਤੀ ਅਤੇ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਬਠਿੰਡਾ ਦੇ ਵਿਕਾਸ ਅਤੇ ਤਰੱਕੀ ਲਈ ਗਰਾਂਟਾਂ ਦੀ ਕਮੀ ਨਹੀਂ ਆਉਣ ਦੇਣਗੇ।