ਚੇਅਰਮੈਨ ਸੇਖਵਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਪੱਤਰ ਪ੍ਰੇਰਕ
ਧਾਰੀਵਾਲ, 3 ਸਤੰਬਰ
ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਇੱਥੋਂ ਨੇੜਲੇ ਪਿੰਡ ਸੇਖਵਾਂ ਵਿੱਚ ਸਥਿਤ ਆਪਣੇ ਨਿਵਾਸ ਸਥਾਨ ’ਤੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮੁਸ਼ਕਲਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ।
ਇਸ ਲੋਕ ਮਿਲਣੀ ਪ੍ਰੋਗਰਾਮ ਵਿੱਚ ਵਿਧਾਨ ਸਭਾ ਹਲਕਾ ਕਾਦੀਆਂ ਸਣੇ ਜ਼ਿਲ੍ਹੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਸ਼ਹਿਰਾਂ, ਪਿੰਡਾਂ, ਗਲੀ, ਮੁਹੱਲਿਆਂ ਅਤੇ ਇਲਾਕੇ ਦੀਆਂ ਸਮੱਸਿਆਵਾਂ, ਵਿਕਾਸ ਕਾਰਜਾਂ ਅਤੇ ਹੋਰ ਮਸਲਿਆਂ ਤੋਂ ਚੇਅਰਮੈਨ ਸੇਖਵਾਂ ਨੂੰ ਜਾਣੂ ਕਰਵਾਇਆ। ਲੋਕਾਂ ਦੀਆਂ ਮੁਸਕਲਾਂ ਸੁਣਨ ਤੋਂ ਬਾਅਦ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਜ਼ਿਆਦਾਤਰ ਮੁਸ਼ਕਲਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਇੱਕ-ਇੱਕ ਕਰਕੇ ਗਾਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ।