ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ
ਖੇਤਰੀ ਪ੍ਰਤੀਨਿਧ
ਪਟਿਆਲਾ, 6 ਜੁਲਾਈ
ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਥਾਵਾਂ ਉੱਤੇ ਤੰਬਾਕੂ ਕੰਟਰੋਲ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੇ ਮਕਸਦ ਨਾਲ ਖੋਖਿਆਂ ਅਤੇ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਨੇਮਾਂ ਦੀ ਉਲੰਘਣਾ ਕਰਨ ਵਾਲੇ ਪੰਜ ਦੁਕਾਨਦਾਰਾਂ ਦੇ ਚਲਾਨ ਕੀਤੇ।
ਇਸ ਸਬੰਧੀ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਬਲਾਕ ਐਕਸਟੈਂਸ਼ਨ ਐਜੂਕੇਟਰ ਸਰਬਜੀਤ ਸਿੰਘ ਸੈਣੀ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਮਿਨੀ ਪੀਐੱਚਸੀ ਕਲਿਆਣ ਦੇ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ ਜਸਵਿੰਦਰ ਸਿੰਘ ਵੱਲੋਂ ਮਲਟੀਪਰਪਜ਼ ਹੈਲਥ ਵਰਕਰਾਂ ਮੁਕੇਸ਼ ਸ਼ਰਮਾ ਅਤੇ ਰਾਕੇਸ਼ ਕੁਮਾਰ ਨਾਲ ਪਟਿਆਲਾ ਤੋਂ ਨਾਭਾ ਰੋਡ ਉੱਤੇ ਛੋਟੀ ਰੋਣੀ, ਵੱਡੀ ਰੋਣੀ, ਰੱਖੜਾ ਤੇ ਹੋਰਨਾ ਥਾਵਾਂ ਉੱਤੇ ਤੰਬਾਕੂ ਪਦਾਰਥਾਂ ਦੀ ਵਿਕਰੀ ਕਰਨ ਵਾਲੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ। ਇਸ ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟ ਕੇ ਜੁਰਮਾਨੇ ਦੀ ਰਕਮ ਵਸੂਲ ਕੀਤੀ ਗਈ।