Challenging Waqf (Amendment) Bill ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਨਾਲ ਕੋਈ ਨਤੀਜਾ ਨਹੀਂ ਨਿਕਲੇਗਾ: ਬੀਐੱਲ ਵਰਮਾ
ਬਦਾਯੂੰ, 6 ਅਪਰੈਲ
ਕੇਂਦਰੀ ਮੰਤਰੀ ਬੀਐੱਲ ਵਰਮਾ ਨੇ ਅੱਜ ਕਿਹਾ ਕਿ ਵਕਫ਼ (ਸੋਧ) ਬਿੱਲ ਗਰੀਬ ਅਤੇ ਹਾਸ਼ੀਏ ’ਤੇ ਧੱਕੇ ਗਏ ਮੁਸਲਮਾਨਾਂ ਦੇ ਹਿੱਤ ਵਿੱਚ ਲਿਆਂਦਾ ਗਿਆ ਹੈ, ਇਸ ਲਈ ਸੁਪਰੀਮ ਕੋਰਟ Supreme Court ਵਿੱਚ ਇਸ ਨੂੰ ਚੁਣੌਤੀ ਦੇਣ ਦਾ ਕੋਈ ਨਤੀਜਾ ਨਹੀਂ ਨਿਕਲੇਗਾ। ਵਰਮਾ ਨੇ ਬਿੱਲ ਦਾ ਬਚਾਅ ਕਰਦੇ ਹੋਏ ਕਿਹਾ ਕਿ ਇਸ ਨੂੰ ਸੰਸਦ ਵਿੱਚ ਭਾਰੀ ਸਮਰਥਨ ਮਿਲਿਆ ਹੈ ਅਤੇ ਇਹ ਨਰਿੰਦਰ ਮੋਦੀ ਸਰਕਾਰ ਦੀ ਤਾਕਤ ਨੂੰ ਦਰਸਾਉਂਦਾ ਹੈ।
ਕੇਂਦਰੀ ਮੰਤਰੀ ਨੇ ਇਹ ਟਿੱਪਣੀਆਂ ਕੁਝ ਮੁਸਲਿਮ ਸੰਗਠਨਾਂ ਅਤੇ ਵਿਰੋਧੀ ਨੇਤਾਵਾਂ ਵਲੋਂ ਸੋਧ ਬਿੱਲ ਦੇ ਪ੍ਰਬੰਧਾਂ ਨੂੰ ਕਾਨੂੰਨੀ ਤੌਰ ’ਤੇ ਚੁਣੌਤੀ ਦੇਣ ਸਬੰਧੀ ਆ ਰਹੀਆਂ ਖ਼ਬਰਾਂ ਦੇ ਦਰਮਿਆਨ ਕੀਤੀਆਂ ਹਨ।
ਭਾਜਪਾ ਦੇ ਸਥਾਪਨਾ ਦਿਵਸ ਮੌਕੇ ਆਪਣੇ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਰਮਾ ਨੇ ਆਖਿਆ, ‘‘ਵਕਫ਼ (ਸੋਧ) ਬਿੱਲ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ ਗਿਆ ਹੈ। ਕੁਝ ਲੋਕ ਇਸ ਦੇ ਵਿਰੁੱਧ ਸੁਪਰੀਮ ਕੋਰਟ ਜਾ ਸਕਦੇ ਹਨ, ਪਰ ਕੁਝ ਨਹੀਂ ਹੋਵੇਗਾ।’’ ਉਨ੍ਹਾਂ ਨੇ ਜ਼ੋਰ ਦੇ ਕੇ ਆਖਿਆ ਕਿ ਇਹ ਬਿੱਲ ਮੁਸਲਿਮ ਭਾਈਚਾਰੇ ਦੇ ਕਮਜ਼ੋਰ ਵਰਗਾਂ, ਖਾਸ ਕਰਕੇ ਗਰੀਬਾਂ ਅਤੇ ਪਸਮੰਡਾ ਮੁਸਲਮਾਨਾਂ ਨੂੰ ਲਾਭ ਪਹੁੰਚਾਉਣ ਲਈ ਹੈ।
ਵਰਮਾ ਮੁਤਾਬਕ, ‘‘ਇਹ ਕਾਨੂੰਨ ਵਕਫ਼ ਜਾਇਦਾਦਾਂ ਦੇ ਪ੍ਰਬੰਧਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਏਗਾ ਅਤੇ ਅੰਤ ਵਿੱਚ ਪਛੜੇ ਮੁਸਲਮਾਨਾਂ ਦੇ ਹਿੱਤ ਵਿੱਚ ਕੰਮ ਕਰੇਗਾ।’’ -ਪੀਟੀਆਈ