For the best experience, open
https://m.punjabitribuneonline.com
on your mobile browser.
Advertisement

ਚਮਕੌਰ ਸਾਹਿਬ ਦਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਅੱਜ ਤੋਂ

08:44 AM Dec 21, 2023 IST
ਚਮਕੌਰ ਸਾਹਿਬ ਦਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਅੱਜ ਤੋਂ
ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਸੰਗਤ।
Advertisement

ਸੰਜੀਵ ਬੱਬੀ
ਚਮਕੌਰ ਸਾਹਿਬ, 20 ਦਸੰਬਰ
ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਗੜ੍ਹੀ ਚਮਕੌਰ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹਾਦਤ ਦੇ ਜਾਮ ਪੀਣ ਵਾਲੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਇੱਥੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ 21 ਦਸੰਬਰ ਤੋਂ ਸ਼ੁਰੂ ਹੋ ਰਹੇ ਹਨ। ਇੱਥੋਂ ਦੇ ਸਾਰੇ ਗੁਰਦੁਆਰਿਆਂ ਵਿੱਚ 21 ਦਸੰਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਅਤੇ 23 ਦਸੰਬਰ ਨੂੰ ਭੋਗ ਪਾਏ ਜਾਣਗੇ। ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪ੍ਰਸ਼ਾਸਨ ਵੱਲੋਂ ਸੰਗਤ ਦੀ ਆਮਦ ਨੂੰ ਦੇਖਦਿਆਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨੂੰ ਸਜਾਇਆ ਗਿਆ ਹੈ। ਸੰਗਤ ਲਈ ਲੰਗਰ ਅਤੇ ਰਿਹਾਇਸ਼, ਕੜਾਹ ਪ੍ਰਸ਼ਾਦ ਦੇ ਕਾਊਂਟਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ।
ਇਸੇ ਦੌਰਾਨ ਸ਼ਹੀਦੀ ਜੋੜ ਮੇਲ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਐੱਸਪੀ ਜਰਨੈਲ ਸਿੰਘ ਅਤੇ ਥਾਣਾ ਮੁਖੀ ਹਰਸ਼ ਮੋਹਣ ਗੌਤਮ ਨੇ ਦੱਸਿਆ ਕਿ ਸਮਾਗਮ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੰਗਤ ਨੂੰ ਆਵਾਜਾਈ ਸਬੰਧੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਨਿਹੰਗ ਸਿੰਘਾਂ ਦੀ ਠਹਿਰ ਨੇੜੇ ਵੀ ਪੁਲੀਸ ਮੁਲਾਜ਼ਮ ਡਿਊਟੀ ਦੇਣਗੇ। ਪੁਲੀਸ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਗੜ੍ਹੀ ਸਾਹਿਬ ਦੇ ਸਾਰੇ ਮਾਰਗਾਂ ਨੂੰ ਮੁੱਖ ਸੜਕਾਂ ’ਤੇ ਬੈਰੀਕੇਡ ਲਗਾ ਕੇ ਹਰ ਤਰ੍ਹਾਂ ਦੇ ਵਾਹਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਲੰਗਰ ਲਗਾਉਣ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਾਦੇ ਲੰਗਰ ਲਗਾਉਣ ਦੀ ਅਪੀਲ ਕੀਤੀ ਗਈ ਹੈ।

Advertisement

ਅਕਾਲੀ ਆਗੂ ਬਿਕਰਮ ਮਜੀਠੀਆ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਅਮਨਦੀਪ ਸਿੰਘ ਮਾਂਗਟ, ਅਕਾਲੀ ਦਲ ਦੇ ਹਲਕਾ ਇੰਚਾਰਜ ਕਰਨ ਸਿੰਘ, ਬਲਦੇਵ ਸਿੰਘ ਹਾਫਿਜ਼ਾਬਾਦ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਲੱਖੇਵਾਲ ਆਦਿ ਹਾਜ਼ਰ ਸਨ।

Advertisement

ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਸਫ਼ਰ-ਏ-ਸ਼ਹਾਦਤ ਸਮਾਗਮ ਅੱਜ

ਘਨੌਲੀ (ਜਗਮੋਹਨ ਸਿੰਘ): ਗੁਰੂ ਗੋਬਿੰਦ ਸਿੰਘ ਜੀ ਦੇ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਮਗਰੋਂ ਸਿਰਸਾ ਨਦੀ ਕਿਨਾਰੇ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਨਾਲੋਂ ਵਿਛੜਨ ਦੀ ਘਟਨਾ ਸਬੰਧੀ 21 ਦਸੰਬਰ ਨੂੰ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਸਫਰ-ਏ-ਸ਼ਹਾਦਤ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਕਥਾਵਾਚਕ ਸੁਖਵਿੰਦਰ ਸਿੰਘ ਥਲੀ ਕਲਾਂ ਨੇ ਦੱਸਿਆ ਕਿ ਸਿਰਸਾ ਨਦੀ ਕਿਨਾਰੇ ਹੋਈ ਜੰਗ ਦੌਰਾਨ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਅਤੇ ਗੁਰੂ ਜੀ ਦੇ ਪਰਿਵਾਰ ਵਿਛੋੜੇ ਦੀ ਘਟਨਾ ਦੀ ਯਾਦ ਵਿੱਚ ਸੰਤ ਅਵਤਾਰ ਸਿੰਘ ਟਿੱਬੀ ਸਾਹਿਬ ਵਾਲਿਆਂ ਦੀ ਦੇਖਰੇਖ ਹੇਠ 21 ਦਸੰਬਰ ਸ਼ਾਮ ਤੋਂ 22 ਦਸੰਬਰ ਤੱਕ ਕੀਰਤਨ ਅਤੇ ਢਾਡੀ ਦਰਬਾਰ ਕਰਵਾਇਆ ਜਾਵੇਗਾ। ਸਮਾਗਮ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ 22 ਦਸੰਬਰ ਨੂੰ ਸਵੇਰੇ ਪੈਦਲ ਸਫਰ-ਏ-ਸ਼ਹਾਦਤ ਮਾਰਚ ਕੱਢਿਆ ਜਾਵੇਗਾ ਜੋ ਕਿ ਪਿੰਡ ਮਾਜਰੀ ਗੁੱਜਰਾਂ, ਕੋਟਬਾਲਾ, ਆਸਪੁਰ ਤੋਂ ਹੁੰਦਾ ਹੋਇਆ ਸਿਰਸਾ ਨਦੀ ਪਾਰ ਕਰਨ ਉਪਰੰਤ ਰਣਜੀਤਪੁਰਾ ਰਾਹੀਂ ਯਾਦਗਾਰ ਛੰਨ ਬਾਬਾ ਕੁੰਮਾ ਮਾਸ਼ਕੀ ਜੀ ਚੱਕ ਢੇਰਾ ਤੱਕ ਪੁੱਜੇਗਾ। ਉਨ੍ਹਾਂ ਸੰਗਤ ਨੂੰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਅਮਰਜੀਤ ਸਿੰਘ ਫੌਜੀ, ਹਰਬੰਸ ਸਿੰਘ ਕੋਟਬਾਲਾ, ਧਰਮਪਾਲ ਸਿੰਘ ਆਸਪੁਰ ਹਾਜ਼ਰ ਸਨ।

Advertisement
Author Image

Advertisement