ਪੰਜਾਬ ਸਣੇ ਉੱਤਰੀ ਭਾਰਤ ’ਚ ਭਲਕੇ ਮੀਂਹ ਦੀ ਸੰਭਾਵਨਾ
ਨਵੀਂ ਦਿੱਲੀ: ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਅਤੇ ਪਹਾੜੀ ਇਲਾਕਿਆਂ ’ਚ 13 ਤੋਂ 15 ਅਪਰੈਲ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦੋ ਪੱਛਮੀ ਗੜਬੜੀਆਂ ਅਤੇ ਅਰਬ ਸਾਗਰ ’ਚ ਵੱਧ ਨਮੀ ਕਾਰਨ ਛਰਾਟੇ ਪੈ ਸਕਦੇ ਹਨ। ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਯੂਪੀ ਸਮੇਤ ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ 13 ਤੋਂ 15 ਅਪਰੈਲ ਤੱਕ ਮੀਂਹ, ਗੜੇਮਾਰੀ ਹੋ ਸਕਦੀ ਹੈ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਉਧਰ ਹਿਮਾਚਲ ਪ੍ਰਦੇਸ਼ ਦੇ ਸੱਤ ਜ਼ਿਲ੍ਹਿਆਂ ’ਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕੁਝ ਹਿੱਸਿਆਂ ’ਚ ਮੀਂਹ ਅਤੇ ਬਰਫ਼ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਆਵਾਜਾਈ ਲਈ ਤਿੰਨ ਕੌਮੀ ਹਾਈਵੇਅ ਸਮੇਤ 132 ਸੜਕਾਂ ਬੰਦ ਰੱਖੀਆਂ ਗਈਆਂ ਹਨ। ਲਾਹੌਲ ਅਤੇ ਸਪਿਤੀ ਜ਼ਿਲ੍ਹੇ ’ਚ 127 ਸੜਕਾਂ ਬੰਦ ਰੱਖੀਆਂ ਗਈਆਂ ਹਨ। ਇਸ ਦੌਰਾਨ ਅੱਜ ਵੀ ਹਿਮਾਚਲ ’ਚ ਕਈ ਥਾਵਾਂ ’ਤੇ ਹਲਕਾ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਇਕ ਬਿਆਨ ’ਚ ਕਿਹਾ ਕਿ ਹਲਕੇ ਤੋਂ ਦਰਮਿਆਨੇ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਲੋਕਾਂ ਅਤੇ ਪਸ਼ੂਆਂ ਨੂੰ ਆਉਂਦੇ ਦਿਨਾਂ ’ਚ ਖੁੱਲ੍ਹੇ ਵਿੱਚ ਨਾ ਵਿਚਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਉੱਤਰ-ਪੱਛਮੀ ਭਾਰਤ ਦੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀਆਂ ਪੱਕੀਆਂ ਫ਼ਸਲਾਂ ਦੀ ਫੌਰੀ ਵਾਢੀ ਕਰ ਲੈਣ ਅਤੇ ਉਸ ਨੂੰ ਸੁਰੱਖਿਅਤ ਥਾਵਾਂ ’ਤੇ ਢੱਕ ਕੇ ਰੱਖਣ। -ਪੀਟੀਆਈ