For the best experience, open
https://m.punjabitribuneonline.com
on your mobile browser.
Advertisement

ਅਕਾਲੀ-ਭਾਜਪਾ ਗੱਠਜੋੜ ਦੀਆਂ ਸੰਭਾਵਨਾਵਾਂ ਰੱਦ

06:59 AM Jul 07, 2023 IST
ਅਕਾਲੀ ਭਾਜਪਾ ਗੱਠਜੋੜ ਦੀਆਂ ਸੰਭਾਵਨਾਵਾਂ ਰੱਦ
Advertisement

Advertisement

ਦਵਿੰਦਰ ਪਾਲ
ਚੰਡੀਗੜ੍ਹ, 6 ਜੁਲਾਈ
ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਸਿਆਸੀ ਗੱਠਜੋੜ ਦੀਆਂ ਚਰਚਾਵਾਂ ਨੂੰ ਦੋਵਾਂ ਪਾਰਟੀਆਂ ਦੇ ਮੋਹਰੀ ਆਗੂਆਂ ਨੇ ਮੁੱਢੋਂ ਰੱਦ ਕਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੱਠਜੋੜ ਦੀਆਂ ਚਰਚਾਵਾਂ ਨੂੰ ਨਿਰੀ ਅਫ਼ਵਾਹ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ-ਬਸਪਾ ਗੱਠਜੋੜ ਬਣਿਆ ਹੋਇਆ ਹੈ। ਇਸ ਲਈ ਭਾਜਪਾ ਨਾਲ ਗੱਠਜੋੜ ਦੀ ਗੱਲ ਨਾ ਤਾਂ ਕਿਸੇ ਪਾਸਿਓਂ ਚੱਲੀ ਹੈ ਤੇ ਨਾ ਹੀ ਜ਼ਰੂਰਤ ਮਹਿਸੂਸ ਕੀਤੀ ਜਾ ਰਹੀ ਹੈ। ਉਧਰ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਕੁਮਾਰ ਰੂਪਾਣੀ ਨੇ ਵੀ ਅਕਾਲੀ-ਭਾਜਪਾ ਗੱਠਜੋੜ ਦੀਆਂ ਸੰਭਾਵਨਾਵਾਂ ਨੂੰ ਰੱਦ ਕਰ ਦਿੱਤਾ ਹੈ। ਸ੍ਰੀ ਰੁੂਪਾਣੀ ਨੇ ਕਿਹਾ ਕਿ ਭਾਜਪਾ ਆਗਾਮੀ ਸੰਸਦੀ ਚੋਣਾਂ ਦੌਰਾਨ ਸਾਰੀਆਂ 13 ਸੀਟਾਂ ਆਪਣੇ ਦਮ ’ਤੇ ਲੜੇਗੀ। ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੇ ਇਹ ਦਾਅਵੇ ਅਜਿਹੇ ਸਮੇਂ ਸਾਹਮਣੇ ਆਏ ਹਨ ਜਦੋਂ ਪੰਜਾਬ ਦੀ ਸਿਆਸਤ ਵਿੱਚ ਅਕਾਲੀ-ਭਾਜਪਾ ਗੱਠਜੋੜ ਸੁਰਜੀਤ ਹੋਣ ਦੀਆਂ ਚਰਚਾਵਾਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਇੱਕ ਸੀਨੀਅਰ ਆਗੂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਵੱਲੋਂ ਅਕਾਲੀ-ਭਾਜਪਾ ਗੱਠਜੋੜ ਦੀਆਂ ਸੰਭਾਵਨਾਵਾਂ ਨੂੰ ਰੱਦ ਕਰਨ ਦੇ ਦਾਅਵੇ ਤੋਂ ਬਾਅਦ ਅੱਜ ਪਾਰਟੀ ਦੀ ਮੀਟਿੰਗ ਵਿੱਚ ਵੀ ਇਸ ਦਾ ਕੋਈ ਜ਼ਿਕਰ ਨਾ ਹੋਇਆ। ਇਥੇ ਪਾਰਟੀ ਆਗੂਆਂ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਵੱਲੋਂ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ਦੇ ਵਿਸ਼ਲੇਸ਼ਣ ਲਈ ਅਕਾਲੀ ਆਗੂਆਂ ਦੀ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਮੁੱਖ ਸਿਆਸੀ ਧਿਰ ਹੈ। ਇਸ ਲਈ ਸੂਬੇ ਵਿੱਚ ਚੱਲ ਰਹੇ ਪ੍ਰਸ਼ਾਸਕੀ ਤੇ ਸਿਆਸੀ ਨਿਘਾਰ ਦੇ ਸਨਮੁੱਖ ਰਣਨੀਤੀ ਘੜੀ ਜਾਵੇਗੀ ਤਾਂ ਜੋ ਲੋਕਾਂ ਨੂੰ ਲਾਮਬੰਦ ਕੀਤਾ ਜਾ ਸਕੇ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਸਾਲ 1996 ਵਿੱਚ ਉਦੋਂ ਸਿਆਸੀ ਗੱਠਜੋੜ ਹੋਇਆ ਸੀ ਜਦੋਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਭਾਜਪਾ ਨੂੰ ਕੇਂਦਰ ਵਿੱਚ ਬਿਨਾਂ ਸ਼ਰਤ ਹਮਾਇਤ ਦੇਣ ਦਾ ਐਲਾਨ ਕੀਤਾ ਸੀ। ਇਹ ਗੱਠਜੋੜ ਸਾਲ 2020 ਤੱਕ ਚੱਲਿਆ ਤੇ ਉਸੇ ਸਾਲ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਬਿਲਾਂ ਖਿਲਾਫ ਉੱਠੇ ਕਿਸਾਨੀ ਅੰਦੋਲਨ ਦੇ ਸੇਕ ਤੋਂ ਡਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਸਿਆਸੀ ਸਾਂਝ ਤੋੜਨ ਦਾ ਐਲਾਨ ਕਰ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲੋਂ ਸਿਆਸੀ ਗੱਠਜੋੜ ਤੋੜਨ ਤੋਂ ਬਾਅਦ ਪਾਰਟੀ ਦਾ ਪੰਜਾਬ ਵਿੱਚ ਸਿਆਸੀ ਪ੍ਰਭਾਵ ਲਗਾਤਾਰ ਘਟਦਾ ਜਾ ਰਿਹਾ ਹੈ। ਸਾਲ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀਆਂ ਦਾ ਵੋਟ ਬੈਂਕ ਘੱਟ ਕੇ 18 ਫੀਸਦੀ ਤੱਕ ਰਹਿ ਗਿਆ ਸੀ ਜਦੋਂ ਕਿ ਭਾਜਪਾ ਨੇ ਗੁਜ਼ਾਰੇ ਜੋਗੀਆਂ ਵੋਟਾਂ ਹਾਸਲ ਕਰਨ ਤੋਂ ਬਾਅਦ ਸੰਗਰੂਰ ਅਤੇ ਜਲੰਧਰ ਸੰਸਦੀ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੌਰਾਨ ਵੀ ਪ੍ਰਭਾਵਸ਼ਾਲੀ ਵੋਟ ਬੈਂਕ ਹਾਸਲ ਕੀਤਾ ਸੀ।

Advertisement

ਸਾਂਝੇ ਸਿਵਲ ਕੋਡ ਦੀ ਸਮੀਖਿਆ ਲਈ ਚਾਰ ਮੈਂਬਰੀ ਕਮੇਟੀ ਕਾਇਮ

ਮੀਟਿੰਗ ਵਿੱਚ ਸਾਂਝੇ ਸਿਵਲ ਕੋਡ ਦੇ ਮੁੱਦੇ ’ਤੇ ਅਕਾਲੀ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਆਦਿ ਆਗੂਆਂ ’ਤੇ ਅਧਾਰਿਤ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਹੀ ਸਾਂਝੇ ਸਿਵਲ ਕੋਡ ਦੇ ਖਰੜੇ ਦੀ ਸਮੀਖਿਆ ਕਰਕੇ ਰਿਪੋਰਟ ਤਿਆਰ ਕਰੇਗੀ ਅਤੇ ਇਸ ਗੱਲ ਦੀ ਘੋਖ ਕਰੇਗੀ ਕਿ ਇਸ ਕੋਡ ਦਾ ਘੱਟਗਿਣਤੀਆਂ ਅਤੇ ਸਿੱਖਾਂ ਦੇ ਮਾਮਲਿਆਂ ’ਤੇ ਕੀ ਅਸਰ ਪੈ ਸਕਦਾ ਹੈ।

ਟੈਂਡਰ ਪ੍ਰਕਿਰਿਆ ਤੋਂ ਲਾਂਭੇ ਹੋਵੇਗਾ ਪੀਟੀਸੀ ਚੈਨਲ!

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਆਗੂਆਂ ਦੀ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਤੋਂ ਗੁਰਬਾਣੀ ਅਤੇ ਕੀਰਤਨ ਦੇ ਪ੍ਰਸਾਰਨ ਦੀ ਟੈਂਡਰ ਪ੍ਰਕਿਰਿਅਾ ਵਿੱਚੋਂ ‘ਪੀਟੀਸੀ’ ਚੈਨਲ ਦੇ ਲਾਂਭੇ ਹੋਣ ਦੇ ਸੰਕੇਤ ਦਿੱਤੇ ਹਨ। ਸੂਤਰਾਂ ਮੁਤਾਬਕ ਸ੍ਰੀ ਬਾਦਲ ਨੇ ਮੀਟਿੰਗ ਦੌਰਾਨ ਸਪਸ਼ਟ ਕੀਤਾ ਕਿ ਦਰਬਾਰ ਸਾਹਿਬ ਤੋਂ ਹੁੰਦੇ ਕੀਰਤਨ ਅਤੇ ਗੁਰਬਾਣੀ ਦੇ ਪ੍ਰਸਾਰਨ ਤੋਂ ਬਾਦਲ ਪਰਿਵਾਰ ਕੋਈ ਵਪਾਰਕ ਲਾਹਾ ਨਹੀਂ ਲੈ ਰਿਹਾ ਤੇ ਮਹਿਜ਼ ਸੇਵਾ ਭਾਵਨਾ ਨਾਲ ਇਹ ਕਾਰਜ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਇਤਰਾਜ਼ ਹੈ ਤਾਂ ਸ਼੍ਰੋਮਣੀ ਕਮੇਟੀ ਆਪਣੇ ਤੌਰ ’ਤੇ ਨਿਰਪੱਖ ਤਰੀਕੇ ਨਾਲ ਗੁਰਬਾਣੀ ਅਤੇ ਕੀਰਤਨ ਦੇ ਪ੍ਰਸਾਰਨ ਨੂੰ ਲੋਕਾਂ ਤੱਕ ਲਿਜਾਣ ਲਈ ਨਿਰਪੱਖ ਤਰੀਕਾ ਅਪਣਾਏ ਤੇ ਪੀਟੀਸੀ ਚੈਨਲ ਇਸ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲਵੇਗਾ। ਉਨ੍ਹਾਂ ਕਿਹਾ ਕਿ ਗੁਰਬਾਣੀ ਅਤੇ ਕੀਰਤਨ ਦੇ ਪ੍ਰਸਾਰਨ ਲਈ ਆਪਣਾ ਚੈਨਲ ਸ਼ੁਰੂ ਕਰਨਾ ਹੈ ਜਾਂ ਟੈਂਡਰ ਪ੍ਰਕਿਰਿਆ ਅਪਨਾਉਣੀ ਹੈ, ਇਹ ਫੈਸਲਾ ਸ਼੍ਰੋਮਣੀ ਕਮੇਟੀ ਨੇ ਲੈਣਾ ਹੈ।

Advertisement
Tags :
Author Image

joginder kumar

View all posts

Advertisement