ਪ੍ਰਾਪਰਟੀ ਟੈਕਸ ਡਿਫਾਲਟਰਾਂ ਖ਼ਿਲਾਫ਼ ਚੰਡੀਗੜ੍ਹ ਪ੍ਰਸ਼ਾਸਨ ਸਖ਼ਤ
ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 15 ਅਕਤੂਬਰ
ਚੰਡੀਗੜ੍ਹ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦੇ ਹੋਏ ਪ੍ਰਾਪਰਟੀ ਟੈਕਸ ਡਿਫਾਲਟਰਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਕਾਇਆ ਪ੍ਰਾਪਰਟੀ ਟੈਕਸ ਵਸੂਲੀ ਨੂੰ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ 1000 ਤੋਂ ਵੱਧ ਵਪਾਰਕ ਜਾਇਦਾਦਾਂ ਦੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਅਤੇ ਡਿਫਾਲਟਰਾਂ ਨੂੰ ਤੁਰੰਤ ਬਕਾਇਆ ਜਮ੍ਹਾਂ ਕਰਵਾਉਣ ਲਈ ਨੋਟਿਸ ਜਾਰੀ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਡਿਫਾਲਟਰਾਂ ਦਾ ਕਰੀਬ 70-75 ਕਰੋੜ ਰੁਪਏ ਪ੍ਰਾਪਰਟੀ ਟੈਕਸ ਦਾ ਬਕਾਇਆ ਹੈ, ਜਿਸ ਨੂੰ ਨਿਗਮ ਪਹਿਲ ਦੇ ਆਧਾਰ ’ਤੇ ਵਸੂਲਣ ਦੀ ਯੋਜਨਾ ਬਣਾ ਰਿਹਾ ਹੈ। ਨਗਰ ਨਿਗਮ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਵਪਾਰਕ ਜਾਇਦਾਦਾਂ ’ਤੇ ਟੈਕਸ ਦਰਾਂ ਰਿਹਾਇਸ਼ੀ ਜਾਇਦਾਦਾਂ ਨਾਲੋਂ ਵੱਧ ਹਨ। ਡਿਫਾਲਟਰਾਂ ਨੂੰ ਨਿਯਮਾਂ ਅਨੁਸਾਰ ਸਮਾਂ ਦਿੱਤਾ ਗਿਆ ਸੀ ਪਰ ਹੁਣ ਚੰਡੀਗੜ੍ਹ ਪੁਲੀਸ ਦੀ ਮਦਦ ਨਾਲ ਅਦਾਇਗੀ ਨਾ ਕਰਨ ਵਾਲਿਆਂ ਦੀਆਂ ਜਾਇਦਾਦਾਂ ਨੂੰ ਸੀਲ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀ ਨੇ ਅੱਗੇ ਦੱਸਿਆ ਕਿ ਵਿਭਾਗ ਨੇ ਇਸ ਰਿਕਵਰੀ ਮੁਹਿੰਮ ਨੂੰ ਸਮਾਂਬੱਧ ਢੰਗ ਨਾਲ ਚਲਾਉਣ ਦਾ ਫ਼ੈਸਲਾ ਕੀਤਾ ਹੈ।
ਜਾਣਕਾਰੀ ਅਨੁਸਾਰ ਸੂਚੀਬੱਧ ਸਾਰੀਆਂ 1000 ਵਪਾਰਕ ਜਾਇਦਾਦਾਂ ਪ੍ਰਾਪਰਟੀ ਟੈਕਸ ਲਈ ਕਿਸੇ ਕਾਨੂੰਨੀ ਵਿਵਾਦ ਜਾਂ ਮੁਕੱਦਮੇ ਵਿੱਚ ਨਹੀਂ ਉਲਝੀਆਂ ਹਨ। ਇਸ ਕਾਰਨ ਇਨ੍ਹਾਂ ਸੰਪਤੀਆਂ ਤੋਂ ਵਸੂਲੀ ਨੂੰ ਆਸਾਨ ਮੰਨਿਆ ਜਾਂਦਾ ਹੈ।