ਚੰਡੀਗੜ੍ਹ ਭਾਜਪਾ ਨੇ ਹਰਿਆਣਾ ਵਿੱਚ ਜਿੱਤ ਦਾ ਜਸ਼ਨ ਮਨਾਇਆ
ਆਤਿਸ਼ ਗੁਪਤਾ
ਚੰਡੀਗੜ੍ਹ, 8 ਅਕਤੂਬਰ
ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਸਪਸ਼ਟ ਬਹੁਮਤ ਨਾਲ ਤੀਜੀ ਵਾਰ ਸੱਤਾ ਵਿੱਚ ਕਾਬਜ਼ ਹੋਣ ’ਤੇ ਚੰਡੀਗੜ੍ਹ ਭਾਜਪਾ ਨੇ ਢੋਲ ਵਜਾ ਕੇ ਜਸ਼ਨ ਮਨਾਇਆ ਹੈ। ਇਸ ਦੌਰਾਨ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਸੈੱਕਟਰ-33 ਵਿੱਚ ਸਥਿਤ ਭਾਜਪਾ ਦਫ਼ਤਰ ਵਿੱਚ ਜਿੱਤ ਦਾ ਜਸ਼ਨ ਮਨਾਇਆ। ਇਸ ਦੌਰਾਨ ਭਾਜਪਾਈਆਂ ਨੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ।
ਸ੍ਰੀ ਮਲਹੋਤਰਾ ਨੇ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਭਾਜਪਾ ਵੱਲੋਂ 10 ਸਾਲਾਂ ਵਿੱਚ ਕੀਤੇ ਕੰਮਾਂ ’ਤੇ ਮੋਹਰ ਲਗਾ ਦਿੱਤਾ ਹੈ। ਇਹ ਜਿੱਤ ਭਾਜਪਾ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾਣ ਵਾਲੇ ਕੰਮਾਂ ਦੀ ਹੈ, ਜੋ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ। ਸ੍ਰੀ ਮਲਹੋਤਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੋਚ ਸਦਕਾ ਦੇਸ਼ ਤਰੱਕੀ ਕਰ ਰਿਹਾ ਹੈ। ਇਸੇ ਕਰ ਕੇ ਅੱਜ ਭਾਰਤ ਦੁਨੀਆਂ ਦੇ ਨਕਸ਼ੇ ’ਤੇ ਵਿਕਾਸਸ਼ੀਲ ਦੇਸ਼ਾਂ ਵਿੱਚ ਤੇਜ਼ੀ ਨਾਲ ਉੱਪਰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਵੀ ਭਾਜਪਾ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਗਿਆ ਹੈ। ਇਸੇ ਕਰ ਕੇ ਹਰਿਆਣਾ ਦੇ ਲੋਕਾਂ ਨੇ ਝੂਠ ਦੀ ਰਾਜਨੀਤੀ ਕਰਨ ਵਾਲੀ ਕਾਂਗਰਸ, ‘ਆਪ’, ਇਨੈਲੋ ਅਤੇ ਜੇਜੇਪੀ ਨੂੰ ਨਾਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਲੋਕਾਂ ਨਾਲ ਚੋਣਾਂ ਵਿੱਚ ਕੀਤੇ ਵਾਅਦਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕ ਹਿੱਤ ਵਿੱਚ ਕਈ ਹੋਰ ਅਹਿਮ ਫ਼ੈਸਲੇ ਲਏ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਆਗੂ ਮੌਜੂਦ ਰਹੇ।