ਚੰਡੀਗੜ੍ਹ: ਹਰਿਆਣਾ ਨੂੰ ਜ਼ਮੀਨ ਦੇਣ ਖ਼ਿਲਾਫ਼ ਡੀਸੀ ਨੂੰ ਮੰਗ ਪੱਤਰ
ਪਰਸ਼ੋਤਮ ਬੱਲੀ
ਬਰਨਾਲਾ, 22 ਨਵੰਬਰ
ਸੀਪੀਆਈ (ਐੱਮਐੱਲ) ਲਿਬਰੇਸ਼ਨ ਦੇ ਸੂਬਾਈ ਆਗੂ ਕਾਮਰੇਡ ਗੁਰਪ੍ਰੀਤ ਰੂੜੇਕੇ ਅਤੇ ਆਰਐੱਮਪੀਆਈ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਕੁੱਕੂ ਦੀ ਅਗਵਾਈ ਹੇਠ ਵਫ਼ਦ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਪ੍ਰਸਤਾਵ ਖ਼ਿਲਾਫ਼ ਡੀਸੀ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਆਗੂਆਂ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਦੀ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਮੁਹੱਈਆ ਕਰਵਾਉਣ ਅਤੇ ਉਸਾਰੀ ਲਈ ਫੰਡ ਜਾਰੀ ਕਰ ਕੇ ਕੇਂਦਰੀ ਮੋਦੀ ਸਰਕਾਰ ਜਿੱਥੇ ਪੰਜਾਬ ਦੇ ਅਧਿਕਾਰਾਂ ’ਤੇ ਹਮਲੇ ਨੂੰ ਹੋਰ ਤੇਜ਼ ਕੀਤਾ ਹੈ ਉੱਥੇ ਪੰਜਾਬ ਤੇ ਹਰਿਆਣਾ ਦੋ ਗੁਆਂਢੀ ਸੂਬਿਆਂ ਵਿੱਚ ਜਾਣ-ਬੁੱਝ ਕੇ ਕੁੜੱਤਣ ਵਾਲਾ ਮਾਹੌਲ ਪੈਦਾ ਕਰ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਦੋ ਰਾਜਾਂ ਦਰਮਿਆਨ ਸਦਭਾਵਨਾ ਬਣਾਈ ਰੱਖਣ ਅਤੇ ਸੂਬਿਆਂ ਦੇ ਅਧਿਕਾਰਾਂ ਦੀ ਰਾਖੀ ਕਰਦੇ ਹੋਏ ਭਾਰਤ ਸਰਕਾਰ ਨੂੰ ਉਕਤ ਫੈ਼ਸਲਾ ਤੁਰੰਤ ਰੱਦ ਕੀਤਾ ਜਾਵੇ। ਇਸ ਵੀ ਮੰਗ ਕੀਤੀ ਕਿ ਚੰਡੀਗੜ੍ਹ ਮੁਕੰਮਲ ਤੌਰ ਤੇ ਪੰਜਾਬ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਉਸਾਰੀ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਜਿਹਾ ਕਰਕੇ ਵੱਖਵਾਦੀ ਤਾਕਤਾਂ ਨੂੰ ਮੁੜ ਮਾਹੌਲ ਕਰਨ ਲਈ ਜਰਖੇਜ਼ ਜ਼ਮੀਨ ਬਣਾ ਕੇ ਦੇ ਰਹੀ ਹੈ। ਆਗੂਆਂ ਨੇ ਸਮੂਹ ਇਨਸਾਫ਼ਪਸੰਦ ਤੇ ਜਮਹੂਰੀ ਤਾਕਤਾਂ ਨੂੰ ਪੰਜਾਬ ਦੇ ਹੱਕਾਂ ‘ਤੇ ਮਾਰੇ ਜਾ ਰਹੇ ਡਾਕਿਆਂ ਖ਼ਿਲਾਫ਼ ਇੱਕਜੁਟ ਹੋਣ ਦਾ ਸੱਦਾ ਦਿੱਤਾ।