ਚੰਡੀਗੜ੍ਹ ਗ੍ਰਨੇਡ ਹਮਲਾ: ਇਕ ਹੋਰ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ
ਆਤਿਸ਼ ਗੁਪਤਾ
ਚੰਡੀਗੜ੍ਹ, 15 ਸਤੰਬਰ
ਪੰਜਾਬ ਪੁਲੀਸ ਨੇ ਚੰਡੀਗੜ੍ਹ ਦੇ ਸੈਕਟਰ-10 ਵਿੱਚ ਗ੍ਰਨੇਡ ਹਮਲਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਕੇਂਦਰੀ ਜਾਂਚ ਏਜੰਸੀਆਂ ਤੇ ਦਿੱਲੀ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਇਕ ਹੋਰ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਵਿਸ਼ਾਲ ਮਸੀਹ ਪੁੱਤਰ ਸਾਬੀ ਮਸੀਹ ਵਾਸੀ ਪਿੰਡ ਰਾਏ ਮੱਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।
ਡੀਜੀਪੀ ਯਾਦਵ ਨੇ ਆਪਣੇ ਐਕਸ ਅਕਾਊਂਟ ’ਤੇ ਦੱਸਿਆ ਕਿ ਵੱਖ-ਵੱਖ ਸੂਤਰਾਂ ਤੋਂ ਮਿਲੇ ਸੁਰਾਗ ਦੇ ਆਧਾਰ ’ਤੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸਐੱਸਓਸੀ) ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਮੁਲਜ਼ਮ ਵਿਸ਼ਾਲ ਮਸੀਹ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ’ਚ ਮੁੱਖ ਮੁਲਜ਼ਮ ਰੋਹਨ ਮਸੀਹ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਮੁਤਾਬਕ ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਕਿ ਦੋਵੇਂ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਅੰਮ੍ਰਿਤਸਰ ਗਏ ਅਤੇ ਉਥੋਂ ਵੱਖ-ਵੱਖ ਹੋ ਗਏ। ਇਸ ਮਗਰੋਂ ਵਿਸ਼ਾਲ ਪਹਿਲਾਂ ਜੰਮੂ-ਕਸ਼ਮੀਰ ਗਿਆ ਅਤੇ ਉਥੋਂ ਫਿਰ ਦਿੱਲੀ ਚਲਾ ਗਿਆ, ਜਿਸ ਨੂੰ ਪੁਲੀਸ ਨੇ ਦਿੱਲੀ ਤੋਂ ਕਾਬੂ ਕਰ ਲਿਆ। ਦੱਸਣਯੋਗ ਹੈ ਕਿ 11 ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ 10 ਵਿੱਚ ਇੱਕ ਘਰ ’ਤੇ ਦੋ ਵਿਅਕਤੀਆਂ ਵੱਲੋਂ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਸੀ। ਯਾਦਵ ਨੇ ਕਿਹਾ ਕਿ ਮਾਮਲੇ ਦੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਸ਼ੀਆ ਜੋ ਪਾਕਿਸਤਾਨ ਅਧਾਰਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅਤਿਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਆਈਐੱਸਆਈ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ, ਹਮਲੇ ਨੂੰ ਅੰਜਾਮ ਦੇਣ ਲਈ ਮੁਲਜ਼ਮਾਂ ਨੂੰ ਧਮਾਕਾਖੇਜ਼ ਸਮੱਗਰੀ, ਹਥਿਆਰ ਤੇ ਹੋਰ ਸਹਾਇਤਾ ਮੁਹੱਈਆ ਕਰਵਾਈ ਸੀ।
ਸ਼ਰਾਰਤੀ ਅਨਸਰਾਂ ਦੇ ਝਾਂਸੇ ’ਚ ਨਾ ਆਉਣ ਨੌਜਵਾਨ: ਡੀਜੀਪੀ
ਡੀਜੀਪੀ ਗੌਰਵ ਯਾਦਵ ਨੇ ਪੰਜਾਬ ਦੇ ਨੌਜਵਾਨਾਂ ਨੂੰ ਮਾੜੇ ਅਨਸਰਾਂ ਦੇ ਝਾਂਸੇ ਵਿੱਚ ਨਾ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਨਸਰ ਆਪਣਾ ਕੰਮ ਕਢਵਾਉਣ ਲਈ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਭਰਮਾਉਂਦੇ ਹਨ ਅਤੇ ਫਿਰ ਉਨ੍ਹਾਂ ਨੂੰ ਫਸਾ ਕੇ ਖ਼ੁਦ ਪਾਸੇ ਹੋ ਜਾਂਦੇ ਹਨ।
ਅਦਾਲਤ ਵੱਲੋਂ ਮੁਲਜ਼ਮ ਵਿਸ਼ਾਲ ਮਸੀਹ ਦਾ 20 ਤੱਕ ਪੁਲੀਸ ਰਿਮਾਂਡ
ਅੰਮ੍ਰਿਤਸਰ (ਮਨਮੋਹਨ ਸਿੰਘ ਢਿੱਲੋਂ /ਜਸਬੀਰ ਸਿੰਘ ਸੱਗੂ): ਚੰਡੀਗੜ੍ਹ ਬੰਬ ਧਮਾਕੇ ਦੇ ਦੂਜੇ ਸ਼ੱਕੀ ਮੁਲਜ਼ਮ ਵਿਸ਼ਾਲ ਮਸੀਹ ਨੂੰ ਅੱਜ ਸਥਾਨਕ ਮੈਜਿਸਟਰੇਟ ਅਦਾਲਤ ਨੇ 20 ਸਤੰਬਰ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਵਿਸ਼ਾਲ ਮਸੀਹ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਗ੍ਰਨੇਡ ਸੁੱਟਣ ਦੇ ਮਾਮਲੇ ’ਚ ਇਹ ਚੌਥੀ ਗ੍ਰਿਫ਼ਤਾਰੀ ਹੈ। ਰੋਹਨ ਅਤੇ ਵਿਸ਼ਾਲ ਤੋਂ ਇਲਾਵਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸਐੱਸਓਸੀ) ਅੰਮ੍ਰਿਤਸਰ ਨੇ ਇਸ ਤੋਂ ਪਹਿਲਾਂ ਅਟਾਰੀ ਸਬ ਡਵੀਜ਼ਨ ਵਿੱਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਨੇੜੇ ਸਥਿਤ ਪਿੰਡ ਹਰਦੋਰਤਨ ਦੇ ਆਕਾਸ਼ਦੀਪ ਸਿੰਘ ਅਤੇ ਅਮਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।