For the best experience, open
https://m.punjabitribuneonline.com
on your mobile browser.
Advertisement

‘ਚੰਡੀਗੜ੍ਹ ਮੋਰਚਾ’: ਮੁੱਖ ਮੰਤਰੀ ਵੱਲੋਂ ਕਿਸਾਨ ਤੇ ਮਜ਼ਦੂਰ ਧਿਰਾਂ ਨੂੰ ਗੱਲਬਾਤ ਦਾ ਸੱਦਾ

08:19 AM Aug 31, 2024 IST
‘ਚੰਡੀਗੜ੍ਹ ਮੋਰਚਾ’  ਮੁੱਖ ਮੰਤਰੀ ਵੱਲੋਂ ਕਿਸਾਨ ਤੇ ਮਜ਼ਦੂਰ ਧਿਰਾਂ ਨੂੰ ਗੱਲਬਾਤ ਦਾ ਸੱਦਾ
Advertisement

ਚਰਨਜੀਤ ਸਿੰਘ ਭੁੱਲਰ
ਚੰਡੀਗੜ੍ਹ, 30 ਅਗਸਤ
ਪੰਜਾਬ ਸਰਕਾਰ ਖੇਤੀ ਨੀਤੀ ਨੂੰ ਲੈ ਕੇ ਕਿਸਾਨ ਤੇ ਮਜ਼ਦੂਰ ਧਿਰਾਂ ਵੱਲੋਂ ਪਹਿਲੀ ਸਤੰਬਰ ਨੂੰ ਲਗਾਏ ਜਾਣ ਵਾਲੇ ‘ਚੰਡੀਗੜ੍ਹ ਮੋਰਚਾ’ ਨੂੰ ਟਾਲਣ ਦੇ ਰੌਂਅ ਵਿੱਚ ਹੈ। ਪੁਲੀਸ ਅਫ਼ਸਰਾਂ ਦੀ ਟੀਮ ਵੱਲੋਂ ਕਿਸਾਨ ਤੇ ਮਜ਼ਦੂਰ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਦੋ ਦਿਨਾਂ ਤੋਂ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਖੇਤੀ ਨੀਤੀ ਸਮੇਤ ਭਖਦੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਦੋ ਸਤੰਬਰ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ ਕਿਉਂਕਿ ਦੋ ਸਤੰਬਰ ਨੂੰ ਮੌਨਸੂਨ ਸੈਸ਼ਨ ਸ਼ੁਰੂ ਹੋ ਰਿਹਾ ਹੈ। ਕਿਸਾਨ ਤੇ ਮਜ਼ਦੂਰ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਵੇਂ ਜਥੇਬੰਦੀਆਂ ਨੂੰ ਪਹਿਲੀ ਸਤੰਬਰ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਦੂਜੇ ਪਾਸੇ ਪੁਲੀਸ ਅਧਿਕਾਰੀ ਪਹਿਲੀ ਸਤੰਬਰ ਦੀ ਮੀਟਿੰਗ ਤੋਂ ਪਹਿਲਾਂ ਧਰਾਤਲ ਤਿਆਰ ਕਰਨ ਵਿੱਚ ਜੁਟੇ ਹੋਏ ਹਨ। ਮੁੱਖ ਮੰਤਰੀ ਦਫ਼ਤਰ ਵਿੱਚ ਆਪਸੀ ਤਾਲਮੇਲ ਬਣਾਉਣ ਵਿਚ ਲੱਗਿਆ ਹੋਇਆ ਹੈ।
ਬੀਕੇਯੂ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ , ਝੰਡਾ ਸਿੰਘ ਜੇਠੂਕੇ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਚੰਡੀਗੜ੍ਹ ਦੇ ਐੱਸਐੱਸਪੀ ਵੱਲੋਂ ਉਨ੍ਹਾਂ ਦੀਆਂ ਜਥੇਬੰਦੀਆਂ ਨੂੰ 31 ਅਗਸਤ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਅਤੇ ਮੁੱਖ ਮੰਤਰੀ ਨੇ ਪਹਿਲੀ ਸਤੰਬਰ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਉਨ੍ਹਾਂ ਮੀਟਿੰਗ ਦਾ ਸੱਦਾ ਪ੍ਰਵਾਨ ਕਰਨ ਦੇ ਨਾਲ ਹੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 1 ਸਤੰਬਰ ਨੂੰ ਪਰਿਵਾਰਾਂ ਸਮੇਤ ਚੰਡੀਗੜ੍ਹ ਵਿੱਚ ਲੱਗ ਰਹੇ ਖੇਤੀ ਨੀਤੀ ਮੋਰਚੇ ’ਚ ਪਹੁੰਚਣ ਦਾ ਜ਼ੋਰਦਾਰ ਸੱਦਾ ਦਿੱਤਾ। ਦੋਵਾਂ ਜਥੇਬੰਦੀਆਂ ਵੱਲੋਂ ਪਿਛਲੇ ਡੇਢ ਸਾਲ ਤੋਂ ਸਰਕਾਰ ਨੂੰ ਖੇਤੀ ਨੀਤੀ ਦੇ ਖਰੜੇ ਸੌਂਪ ਕੇ ਆਮ ਆਦਮੀ ਪਾਰਟੀ ਵੱਲੋਂ ਚੋਣ ਗਾਰੰਟੀ ਅਨੁਸਾਰ ਖੇਤੀ ਸੰਕਟ ਦੇ ਹੱਲ ਲਈ ਨਵੀਂ ਖੇਤੀ ਨੀਤੀ ਬਣਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਭਰਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤੀ ਨੀਤੀ ਬਣਾਉਣ ਲਈ ਗਠਿਤ ਕਮੇਟੀ ਵੱਲੋਂ ਵੀ ਪਿਛਲੇ ਸਾਲ ਅਕਤੂਬਰ ਮਹੀਨੇ ’ਚ ਖੇਤੀ ਨੀਤੀ ਤਿਆਰ ਕਰਕੇ ਸਰਕਾਰ ਨੂੰ ਸੌਂਪਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਸਾਰਥਿਕ ਕਦਮ ਨਹੀਂ ਚੁੱਕਿਆ ਗਿਆ।

Advertisement

ਐੱਸਕੇਐੱਮ ਵੱਲੋਂ ਪ੍ਰਦਰਸ਼ਨ ਦੋ ਨੂੰ

Advertisement

ਸੰਯੁਕਤ ਕਿਸਾਨ ਮੋਰਚਾ ਵੱਲੋਂ ਵੀ ਦੋ ਸਤੰਬਰ ਨੂੰ ਚੰਡੀਗੜ੍ਹ ਵਿਚ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ, ਜਿਸ ਵਿੱਚ ਮੁੱਖ ਮੁੱਦਾ ਜ਼ਮੀਨੀ ਪਾਣੀ ਅਤੇ ਸਹਿਕਾਰੀ ਅਦਾਰਿਆਂ ਦੇ ਨਿਘਾਰ ਨੂੰ ਰੋਕਣ ਦਾ ਹੈ। ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਕਿ ਪੰਜਾਬ ਸਰਕਾਰ ਤਰਫ਼ੋਂ ਗੱਲਬਾਤ ਲਈ ਸੁਨੇਹਾ ਮਿਲਿਆ ਸੀ ਪ੍ਰੰਤੂ ਉਹ ਦੋ ਸਤੰਬਰ ਨੂੰ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਲਈ ਆਉਣਗੇ।

Advertisement
Author Image

sukhwinder singh

View all posts

Advertisement