ਚੰਡੀਗੜ੍ਹ ਪੁਲੀਸ ਵੱਲੋਂ ਚਾਰ ਮੰਗਤਿਆਂ ਖ਼ਿਲਾਫ਼ ਕੇਸ ਦਰਜ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਕਤੂਬਰ
ਯੂਟੀ ਪ੍ਰਸ਼ਾਸਨ ਵੱਲੋਂ ਸਿਟੀ ਬਿਊਟੀਫੁੱਲ ਚੰਡੀਗੜ੍ਹ ਨੂੰ ਮੰਗਤਿਆਂ ਤੋਂ ਮੁਕਤ ਕਰਨ ਲਈ ਅੱਠ ਦਿਨਾਂ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ‘ਨੇਕੀ ਕੀ ਦੀਵਾਰ’ ਨੂੰ ਵੱਖ-ਵੱਖ ਥਾਵਾਂ ’ਤੇ ਰੱਖ ਕੇ ਲੋਕਾਂ ਨੂੰ ਭੀਖ ਦੇਣ ਦੀ ਥਾਂ ‘ਨੇਕੀ ਕੀ ਦੀਵਾਰ’ ਰਾਹੀਂ ਲੋੜਵੰਦਾਂ ਤੱਕ ਮਦਦ ਪਹੁੰਚਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਯੂਟੀ ਪ੍ਰਸ਼ਾਸਨ ਦੇ ਨਾਲ-ਨਾਲ ਚੰਡੀਗੜ੍ਹ ਪੁਲੀਸ ਨੇ ਵੀ ਮੰਗਤਿਆਂ ਵਿਰੁੱਧ ਸਖਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਸ਼ਹਿਰ ਵਿੱਚ ਭੀਖ ਮੰਗਣ ਸਬੰਧੀ ਚਾਰ ਜਣਿਆਂ ਵਿਰੁੱਧ ਕੇਸ ਦਰਜ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਕਾਰਵਾਈ ਥਾਣਾ ਸੈਕਟਰ-17 ਦੀ ਪੁਲੀਸ ਨੇ ਕੀਤੀ ਹੈ। ਪੁਲੀਸ ਨੇ ਸੈਕਟਰ-17 ਪਲਾਜ਼ਾ ਵਿੱਚ ਭੀਖ ਮੰਗਣ ’ਤੇ ਜਗਨ ਪਾਸਵਾਨ ਵਾਸੀ ਮੁਹਾਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਮਨੀਮਾਜਰਾ ਦੀ ਪੁਲੀਸ ਨੇ ਕੇਸ਼ਰਾ ਵਾਸੀ ਰਾਜਸਥਾਨ ਨੂੰ ਹਾਊਸਿੰਗ ਬੋਰਡ ਲਾਈਟ ਪੁਆਇੰਟ, ਥਾਣਾ ਮੌਲੀ ਜੱਗਰਾਂ ਦੀ ਪੁਲੀਸ ਨੇ ਸੋਨਾਰਾਇਣ ਵਾਸੀ ਰਾਜਸਥਾਨ ਨੂੰ ਹੱਲੋਮਾਜਰਾ ਲਾਈਟ ਪੁਆਇੰਟ ਅਤੇ ਥਾਣਾ ਆਈਟੀ ਪਾਰਕ ਦੀ ਪੁਲੀਸ ਨੇ ਪੰਨਾਲਾਲ ਵਾਸੀ ਮਨੀਮਾਜਰਾ ਨੂੰ ਸ਼ਾਸਤਰੀ ਨਗਰ ਲਾਈਟ ਪੁਆਇੰਟ ਤੋਂ ਭੀਖ ਮੰਗਦਿਆਂ ਕਾਬੂ ਕੀਤਾ ਹੈ। ਪੁਲੀਸ ਨੇ ਚਾਰੋਂ ਵਿਰੁੱਧ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਨੂੰ ਬਾਅਦ ਵਿੱਚ ਚਿਤਾਵਨੀ ਦੇ ਕੇ ਜਮਾਨਤ ’ਤੇ ਛੱਡ ਦਿੱਤਾ ਗਿਆ। ਚੰਡੀਗੜ੍ਹ ਪੁਲੀਸ ਦੇ ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮੰਗਤੇ ਨੂੰ ਭੀਖ ਨਾ ਦੇਣ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਤੇ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਭਿਖਾਰੀਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।