For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ਨਵੇਂ ਫ਼ੌਜਦਾਰੀ ਕਾਨੂੰਨਾਂ ਲਈ ਤਿਆਰ

08:35 AM Jun 15, 2024 IST
ਚੰਡੀਗੜ੍ਹ ਨਵੇਂ ਫ਼ੌਜਦਾਰੀ ਕਾਨੂੰਨਾਂ ਲਈ ਤਿਆਰ
ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਐੱਸਅੱੈਸਪੀ ਕੰਵਰਦੀਪ ਕੌਰ।
Advertisement

ਮੁਕੇਸ਼ ਕੁਮਾਰ
ਚੰਡੀਗੜ੍ਹ, 14 ਜੂਨ
ਯੂਟੀ ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਫ਼ੌਜਦਾਰੀ ਕਾਨੂੰਨ ਲਾਗੂ ਕਰਨ ਦੀਆਂ ਤਿਆਰੀਆਂ ਲਗਪਗ ਮੁਕੰਮਲ ਕਰ ਲਈਆਂ ਗਈਆਂ ਹਨ। ਚੰਡੀਗੜ੍ਹ ਦੀ ਐੱਸਐੱਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਕਾਨੂੰਨਾਂ ਸਬੰਧੀ ਸਾਰੇ ਥਾਣਿਆਂ ਵਿੱਚ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਜਲਦੀ ਹੀ ਜਾਂਚ ਅਧਿਕਾਰੀਆਂ ਨੂੰ ਤਕਨੀਕੀ ਸਾਮਾਨ ਮੁਹੱਈਆ ਕਰਵਾਇਆ ਜਾਵੇਗਾ।
ਪ੍ਰੈਸ ਸੂਚਨਾ ਬਿਊਰੋ (ਪੀਆਈਬੀ) ਚੰਡੀਗੜ੍ਹ ਨੇ ਇੱਥੇ ਯੂਟੀ ਸਟੇਟ ਗੈਸਟ ਹਾਊਸ ਵਿੱਚ ਇਸ ਸਬੰਧੀ ਵਰਕਸ਼ਾਪ ਕਰਵਾਈ। ਇਸ ਦਾ ਉਦੇਸ਼ ਤਿੰਨ ਨਵੇਂ ਕਾਨੂੰਨ ਭਾਰਤੀ ਨਿਆਂ ਸੰਹਿਤਾ (ਬੀਐਨਐਸ), ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐਨਐਸਐਸ) ਅਤੇ ਭਾਰਤੀ ਸਾਕਸ਼ਯ ਅਧਿਨਿਯਮ (ਬੀਐਸਏ) ਬਾਰੇ ਜਾਣਕਾਰੀ ਦੇਣਾ ਸੀ। ਇਹ ਕਾਨੂੰਨ ਅਗਲੇ ਮਹੀਨੇ ਪਹਿਲੇ ਜੁਲਾਈ ਤੋਂ ਲਾਗੂ ਹੋਣ ਜਾ ਰਹੇ ਹਨ। ਇਸ ਮੌਕੇ ਐੱਸਐੱਸਪੀ ਕੰਵਰਦੀਪ ਕੌਰ ਨੇ ਕਿਹਾ ਕਿ ਇਸ ਨਾਲ ਪਾਰਦਰਸ਼ਤਾ ਵਧੇਗੀ। ਇਸ ਵਿੱਚ ਹਰ ਕੰਮ ਲਈ ਸਮਾਂ ਨਿਸ਼ਚਿਤ ਕੀਤਾ ਗਿਆ ਹੈ। ਸ਼ਹਿਰ ਵਾਸੀਆਂ ਨੂੰ ਹੁਣ ਥਾਣਿਆਂ ਦੇ ਬੇਲੋੜੇ ਗੇੜੇ ਨਹੀਂ ਲਾਉਣੇ ਪੈਣਗੇ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਗਵਾਹੀ ਦੇਣਾ ਚਾਹੁੰਦੇ ਹਨ, ਉਨ੍ਹਾਂ ਲਈ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਕੁਝ ਕੇਂਦਰ ਬਣਾਏ ਜਾਣਗੇ। ਇਸ ਨਾਲ ਵਿਅਕਤੀ ਦਾ ਸਮਾਂ ਵੀ ਬਚੇਗਾ ਅਤੇ ਕੰਮ ਵੀ ਸੁਚਾਰੂ ਢੰਗ ਨਾਲ ਹੋ ਸਕਦਾ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਕੁਝ ਬਦਲਾਅ ਆਉਣਗੇ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪੁਲੀਸ ਦੇ ਅਧਿਕਾਰੀਆਂ ਨੂੰ ਇਸ ਬਾਰੇ ਸਿਖਲਾਈ ਦਿੱਤੀ ਗਈ ਹੈ, ਪਿਛਲੇ ਕਈ ਮਹੀਨਿਆਂ ਤੋਂ ਕੰਮ ਚੱਲ ਰਿਹਾ ਸੀ। ਚੰਡੀਗੜ੍ਹ ਪੁਲੀਸ ਨੇ ਇੰਡੀਅਨ ਜੁਡੀਸ਼ੀਅਲ ਕੋਡ, ਇੰਡੀਅਨ ਸਿਵਲ ਪ੍ਰੋਟੈਕਸ਼ਨ ਕੋਡ ਅਤੇ ਇੰਡੀਅਨ ਐਵੀਡੈਂਸ ਕੋਡ ਨੂੰ ਲਾਗੂ ਕਰਨ ਲਈ ਇੱਕ ਐਪ ਲਾਂਚ ਕੀਤੀ ਸੀ। ਇਸ ਐਪ ਵਿੱਚ ਲੋਕ ਨਵੇਂ ਅਤੇ ਪੁਰਾਣੇ ਦੋਵਾਂ ਕਾਨੂੰਨਾਂ ਦੀਆਂ ਵਿਵਸਥਾਵਾਂ ਅਤੇ ਉਨ੍ਹਾਂ ਵਿੱਚ ਅੰਤਰ ਜਾਣ ਸਕਦੇ ਹਨ।

Advertisement

Advertisement
Advertisement
Author Image

joginder kumar

View all posts

Advertisement