ਚੰਡੀਗੜ੍ਹ ਯੂਥ ਕਾਂਗਰਸ ਵੱਲੋਂ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਖਿਲਾਫ਼ ਪ੍ਰਦਰਸ਼ਨ
ਆਤਿਸ਼ ਗੁਪਤਾ
ਚੰਡੀਗੜ੍ਹ, 13 ਅਪਰੈਲ
ਚੰਡੀਗੜ੍ਹ ਯੂਥ ਕਾਂਗਰਸ ਨੇ ਅੱਜ ਪ੍ਰਧਾਨ ਦੀਪਕ ਲੁਬਾਨਾ ਦੀ ਅਗਵਾਈ ਹੇਠ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖਿਲਾਫ਼ ਸੈਕਟਰ 22 ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੌਜੂਦ ਵੱਡੀ ਗਿਣਤੀ ਯੂਥ ਕਾਂਗਰਸ ਦੇ ਵਰਕਰਾਂ ਨੇ ਗੈਸ ਚੁੱਲ੍ਹੇ ਬਾਲ ਕੇ ਰੋਟੀ ਪਕਾਈ ਅਤੇ ਰੋਸ ਮੁਜ਼ਾਹਰਾ ਕੀਤਾ।
ਦੀਪਕ ਲੁਬਾਨਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਕੇ ਲੋਕਾਂ ਦੇ ਘਰ ਦੀ ਰਸੋਈ ਦਾ ਬਜਟ ਹਿਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾਅਵਾ ਕਰ ਰਹੀ ਹੈ ਕਿ ਉਨ੍ਹਾਂ ਨੇ ਘਰ ਘਰ ਸਿਲੰਡਰ ਪਹੁੰਚਾ ਦਿੱਤਾ, ਪਰ ਅੱਜ ਗੈਸ ਸਿਲੰਡਰ ਦੀਆਂ ਕੀਮਤਾਂ ਅਸਮਾਨੀ ਪਹੁੰਚ ਚੁੱਕੀਆਂ ਹਨ ਜਿਸ ਕਰਕੇ ਲੋਕਾਂ ਨੂੰ ਗੈਸ ਸਿਲੰਡਰ ਭਰਵਾਉਣਾ ਹੀ ਮੁਸ਼ਕਲ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਜੇ ਅਜਿਹੇ ਹੀ ਹਾਲਾਤ ਰਹੇ ਤਾਂ ਲੋਕਾਂ ਨੂੰ ਆਪਣੇ ਘਰਾਂ ਵਿੱਚ ਮੁੜ ਤੋਂ ਚੁੱਲ੍ਹੇ ਬਾਲਣ ਲਈ ਮਜਬੂਰ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਥ ਕਾਂਗਰਸ ਲੋਕਾਂ ਦੀ ਆਵਾਜ਼ ਬਣ ਕੇ ਕੇਂਦਰ ਸਰਕਾਰ ਦੀ ਘੇਰਾਬੰਦੀ ਕਰਦੀ ਰਹੇਗੀ।