ਚੰਡੀਗੜ੍ਹੀਆਂ ਨੇ ਫਿਰਕਾਪ੍ਰਸਤਾਂ ਨੂੰ ਨਕਾਰਿਆ: ਮਨੀਸ਼ ਤਿਵਾੜੀ’
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਜੂਨ
ਚੰਡੀਗੜ੍ਹ ਤੋਂ ‘ਇੰਡੀਆ’ ਗੱਠਜੋੜ ਦੇ ਜੇਤੂ ਉਮੀਦਵਾਰ ਮਨੀਸ਼ ਤਿਵਾੜੀ ਅੱਜ ਜਿੱਤ ਤੋਂ ਬਾਅਦ ਸੈਕਟਰ-35 ਸਥਿਤ ਚੰਡੀਗੜ੍ਹ ਕਾਂਗਰਸ ਭਵਨ ਵਿੱਚ ਪਹੁੰਚੇ, ਜਿੱਥੇ ਵੱਡੀ ਗਿਣਤੀ ਵਿੱਚ ‘ਇੰਡੀਆ’ ਗੱਠਜੋੜ ਦੇ ਵਰਕਰਾਂ ਨੇ ਤਿਵਾੜੀ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦਾ ਸਨਮਾਨ ਕੀਤਾ।
ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਫਿਰਕਾਪ੍ਰਸਤੀ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਨਕਾਰਦਿਆਂ ਬੇਰੁਜ਼ਗਾਰੀ, ਮਹਿੰਗਾਈ, ਕਿਸਾਨੀ ਤੇ ਹੋਰ ਜ਼ਮੀਨੀ ਪੱਧਰ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਉਹ ਚੰਡੀਗੜ੍ਹ ਦੇ ਬਿਹਤਰੀ ਲਈ ਸਾਰਿਆਂ ਨੂੰ ਨਾਲ ਲੈ ਕੇ ਕੰਮ ਕਰਨਗੇ, ਜਿਸ ਨਾਲ ਚੰਡੀਗੜ੍ਹ ਨੂੰ ਮੁੜ ਤੋਂ ਦੇਸ਼ ਦਾ ਖੂਬਸੂਰਤ ਤੇ ਵਿਕਸਤ ਸ਼ਹਿਰ ਬਣਾਇਆ ਜਾ ਸਕੇ।
ਤਿਵਾੜੀ ਨੇ ਕਿਹਾ ਕਿ ਚੋਣਾਂ ਦੌਰਾਨ ਇਕ-ਦੂਜੇ ’ਤੇ ਰਾਜਸੀ ਹਮਲੇ ਕੀਤੇ ਜਾਂਦੇ ਹਨ, ਪਰ ਉਨ੍ਹਾਂ ਦਾ ਭਾਜਪਾ ਦੇ ਉਮੀਦਵਾਰ ਸੰਜੇ ਟੰਡਨ ਤੇ ਹੋਰਨਾਂ ਨਾਲ ਕੋਈ ਨਿੱਜੀ ਵਿਰੋਧ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਜੇ ਟੰਡਨ ਨੇ ਬਹੁਤ ਚੰਗੇ ਢੰਗ ਨਾਲ ਚੋਣ ਲੜੀ ਹੈ ਪਰ ਹੁਣ ਸਾਰਿਆਂ ਨੂੰ ਚੰਡੀਗੜ੍ਹ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਦੇਸ਼ ਵਿੱਚ 400 ਪਾਰ ਦਾ ਨਾਅਰਾ ਦੇਣ ਵਾਲੀ ਭਾਜਪਾ ਲੋਕ ਵਿਰੋਧੀ ਨੀਤੀਆਂ ਕਾਰਨ ਖੁੰਝ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ‘ਇੰਡੀਆ’ ਗੱਠਜੋੜ ਦੀ ਮਜ਼ਬੂਤੀ ਤੋਂ ਭਾਜਪਾ ਵਿੱਚ ਵੀ ਡਰ ਦਾ ਮਾਹੌਲ ਬਣਿਆ ਹੋਇਆ ਹੈ। ਲੱਕੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਦੇ ਨਵੇਂ ਸੰਸਦ ਮੈਂਬਰ ਮਨੀਸ਼ ਤਿਵਾੜੀ ਚੰਡੀਗੜ੍ਹ ਦੇ ਸਾਰੇ ਸੈਕਟਰਾਂ, ਪਿੰਡਾਂ ਤੇ ਕਾਲੋਨੀਆਂ ਵਿੱਚ ਪਹੁੰਚ ਕੇ ਲੋਕਾਂ ਦਾ ਧੰਨਵਾਦ ਵੀ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆ ਨੂੰ ਹੱਲ ਕਰਨ ਬਾਰੇ ਠੋਸ ਰਣਨੀਤੀ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸ਼ਹਿਰ ਦੇ ਵਿਕਾਸ ਲਈ ‘ਇੰਡੀਆ’ ਗੱਠਜੋੜ ਮਿਲ ਕੇ ਕੰਮ ਕਰੇਗਾ ਅਤੇ ਚੰਡੀਗੜ੍ਹ ਦਾ ਵਿਕਾਸ ਯਕੀਨੀ ਬਣਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਰਹੇ।