ਚਰਨਜੀਤ ਚੰਨੀ ਨੇ ਔਰਤਾਂ ਬਾਰੇ ਬਿਆਨ ਲਈ ਮੁਆਫ਼ੀ ਮੰਗੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਨਵੰਬਰ
ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਲੋਕ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿੱਚ ਚੋਣ ਪ੍ਰਚਾਰ ਦੌਰਾਨ ਔਰਤਾਂ ਬਾਰੇ ਦਿੱਤੇ ਬਿਆਨ ਲਈ ਮੁਆਫ਼ੀ ਮੰਗ ਲਈ ਹੈ। ਸ੍ਰੀ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉੁਹ ਹੱਥ ਜੋੜ ਕੇ ਮੁਆਫ਼ੀ ਮੰਗਦਾ ਹਨ। ਉਨ੍ਹਾਂ ਕਿਹਾ ਕਿ ਉਹ ਔਰਤਾਂ ਵਿਰੁੱਧ ਕੁਝ ਕਹਿਣ ਬਾਰੇ ਕਦੇ ਸੋਚ ਵੀ ਨਹੀਂ ਸਕਦੇ। ਹਾਲਾਂਕਿ ਮਹਿਲਾ ਕਮਿਸ਼ਨ ਪੰਜਾਬ ਨੇ ਲੰਘੇ ਦਿਨ ਸ੍ਰੀ ਚੰਨੀ ਨੂੰ ਨੋਟਿਸ ਜਾਰੀ ਕਰਦਿਆਂ ਕਮਿਸ਼ਨ ਅੱਗੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਸਨ, ਪਰ ਉਹ ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ। ਸ੍ਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚਾਉਣਾ ਨਹੀਂ ਸੀ ਤੇ ਜੇ ਕਿਸੇ ਦੀ ਭਾਵਨਾ ਨੂੰ ਠੇਸ ਪੁੱਜੀ ਹੈ ਤਾਂ ਉਹ ਇਸ ਲਈ ਮੁਆਫ਼ੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਪ੍ਰਚਾਰ ਵੇਲੇ ਉਸ ਨੇ ਸਿਰਫ਼ ਸੁਣਿਆ ਸੁਣਾਇਆ ਚੁਟਕਲਾ ਹੀ ਸੁਣਾਇਆ ਸੀ।ਜ਼ਿਕਰਯੋਗ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੋਮਵਾਰ ਨੂੰ ਚੰਨੀ ਸਬੰਧੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਦਾ ਖੁਦ ਨੋਟਿਸ ਲਿਆ ਸੀ। ਵੀਡੀਓ ਵਿੱਚ ਸ੍ਰੀ ਚੰਨੀ ਗਿੱਦੜਬਾਹਾ ਵਿੱਚ ਚੋਣ ਪ੍ਰਚਾਰ ਦੌਰਾਨ ਔਰਤਾਂ ਅਤੇ ਦੋ ਭਾਈਚਾਰਿਆਂ ਖ਼ਿਲਾਫ਼ ਕਥਿਤ ਤੌਰ ’ਤੇ ਟਿੱਪਣੀਆਂ ਕਰ ਰਹੇ ਸਨ। ਮਹਿਲਾ ਕਮਿਸ਼ਨ ਨੇ ਉਸ ਵੀਡੀਓ ’ਤੇ ਚੰਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਦਾ ਔਰਤਾਂ ਪ੍ਰਤੀ ਅਜਿਹੀ ਸ਼ਬਦਾਵਲੀ ਵਰਤਣਾ ਗਲਤ ਹੈ।