Charanjit Channi ਨੇ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਮੰਗੀ ਮੁਆਫ਼ੀ
ਚੰਡੀਗੜ੍ਹ, 19 ਨਵੰਬਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਔਰਤਾਂ ਖ਼ਿਲਾਫ਼ ਕੀਤੀ ਅਪਮਾਨਜਨਕ ਟਿੱਪਣੀ ਲਈ ਮੁਆਫ਼ੀ ਮੰਗੀ ਹੈ। ਕਾਂਗਰਸ ਆਗੂ ਨੇ ਪੱਤਰਕਾਰਾਂ ਨੂੰ ਕਿਹਾ, ''ਜੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ।'' ਉਨ੍ਹਾਂ ਕਿਹਾ ਕਿ ਉਹ ਔਰਤਾਂ ਵਿਰੁੱਧ ਕੁਝ ਕਹਿਣ ਬਾਰੇ ਕਦੇ ਸੋਚ ਵੀ ਨਹੀਂ ਸਕਦੇ।
ਜਲੰਧਰ ਹਲਕੇ ਤੋਂ ਸੰਸਦ ਮੈਂਬਰ ਨੇ ਕਿਹਾ, ‘‘ਮੈਂ ਕਿਸੇ ਦੇ ਖ਼ਿਲਾਫ਼ ਨਹੀਂ ਹਾਂ।’’ ਗ਼ੌਰਤਲਬ ਹੈ ਕਿ ਚੰਨੀ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਦਾ ਖੁਦ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੋਮਵਾਰ ਨੂੰ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਦੌਰਾਨ ਔਰਤਾਂ ਅਤੇ ਦੋ ਭਾਈਚਾਰਿਆਂ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ’ਚ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ।
‘ਆਪ’, ਭਾਜਪਾ ਅਤੇ ਅਕਾਲੀ ਦਲ ਨੇ ਚੰਨੀ ਦੀ ਟਿੱਪਣੀ ਦੀ ਨਿੰਦਾ ਕੀਤੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਿਆਸੀ ਵਿਰੋਧੀਆਂ ’ਤੇ ਹਮਲਾ ਕਰਨ ਲਈ ਮੁੱਖ ਮੰਤਰੀ ਦਾ ਅਹੁਦੇ ’ਤੇ ਰਹਿ ਚੁੱਕੇ ਆਗੂ ਵੱਲੋਂ ਅਜਿਹੀ 'ਅਸ਼ਲੀਲ ਅਤੇ ਫੁੱਟ ਪਾਊ ਭਾਸ਼ਾ' ਦੀ ਵਰਤੋਂ ਕਰਨਾ ਸਹਿਣਯੋਗ ਨਹੀਂ ਹੈ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ ਕਿ ਚੰਨੀ ਨੇ ਆਪਣੀਆਂ ਟਿੱਪਣੀਆਂ ਰਾਹੀਂ ਔਰਤਾਂ ਪ੍ਰਤੀ ਆਪਣੀ 'ਨੀਵੀਂ ਮਾਨਸਿਕਤਾ' ਦਾ ਪ੍ਰਗਟਾਵਾ ਕੀਤਾ ਹੈ। ਪੀਟੀਆਈ