ਨਵੀਂ ਦਿੱਲੀ, 5 ਜੂਨਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਿਛਲੇ ਸਾਲ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ਦੀ ਹੱਤਿਆ ਵਿੱਚ ਕਥਿਤ ਸ਼ਮੂਲੀਅਤ ਨੂੰ ਲੈ ਕੇ ਕੈਨੇਡਾ ਆਧਾਰਤ ਗੈਂਗਸਟਰ ਗੋਲਡੀ ਬਰਾੜ ਅਤੇ 11 ਹੋਰਨਾਂ ਖ਼ਿਲਾਫ਼ ਅੱਜ ਚਾਰਜਸ਼ੀਟ ਦਾਇਰ ਕੀਤੀ। ਇਕ ਅਧਿਕਾਰਤ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ ਗਈ। ਬਰਾੜ ਨੂੰ ਸਰਕਾਰ ਨੇ ਅਤਿਵਾਦ ਵਿਰੋਧੀ ਕਾਨੂੰਨ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਅਤਿਵਾਦੀ ਐਲਾਨਿਆ ਹੈ। ਉਹ ਸਰਹੱਦ ਪਾਰ ਤੋਂ ਡਰੋਨ ਰਾਹੀਂ ਉੱਚ ਸ਼੍ਰੇਣੀ ਦੇ ਹਥਿਆਰਾਂ, ਗੋਲਾ-ਬਾਰੂਦ ਤੇ ਧਮਾਕਾਖੇਜ਼ ਸਮੱਗਰੀ ਦੀ ਤਸਕਰੀ ਕਰਨ ਅਤੇ ਹੱਤਿਆਵਾਂ ਨੂੰ ਅੰਜਾਮ ਦੇਣ ਵਾਸਤੇ ਉਨ੍ਹਾਂ ਦੀ ਸਪਲਾਈ ਕਰਨ ਤੇ ‘ਸ਼ਾਰਪਸ਼ੂਟਰ’ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਰਿਹਾ ਹੈ। -ਪੀਟੀਆਈ