ਜਲੰਧਰ ’ਚ ਦਸ ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਕਾਬੂ
ਹਤਿੰਦਰ ਮਹਿਤਾ
ਜਲੰਧਰ, 30 ਮਈ
ਪੰਜਾਬ ਵਿਜੀਲੈਂਸ ਬਿਊਰੋ ਨੇ ਚਾਰਟਰਡ ਅਕਾਊਂਟੈਂਟ ਗੁਰਸੇਵਕ ਸਿੰਘ ਨੂੰ 10 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਸੀਏ ਨੇ ਜਲੰਧਰ ਵਿਚ ਤਾਇਨਾਤ ਸੀਜੀਐਸਟੀ ਅਧਿਕਾਰੀ ਦੇ ਨਾਮ ਉੱਪਰ ਕਥਿਤ ਰਿਸ਼ਵਤ ਮੰਗੀ ਸੀ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜਲੰਧਰ ਨਾਲ ਸਬੰਧਤ ਫਰਮ ਦੇ ਮਾਲਕ ਵੱਲੋਂ ਕੀਤੀ ਸ਼ਿਕਾਇਤ ਦੇ ਅਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੀ ਫਰਮ ਵਿਰੁੱਧ ਸੀਜੀਐਸਟੀ ਐਕਟ ਅਧੀਨ ਕੀਤੀ ਜਾ ਰਹੀ ਜਾਂਚ ਵਿੱਚ ਉਸ ਦੀ ਮਦਦ ਕਰਨ ਬਦਲੇ ਉਕਤ ਚਾਰਟਰਡ ਅਕਾਊਂਟੈਂਟ (ਸੀਏ) ਨੇ ਸੀਜੀਐਸਟੀ ਅਧਿਕਾਰੀ ਦੀ ਤਰਫ਼ੋਂ ਉਸ ਕੋਲੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਉਡਣ ਦਸਤੇ ਨੇ ਵਿਉਂਤਬੰਦੀ ਨਾਲ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਸੀਏ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10 ਲੱਖ ਰੁਪਏ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਗ੍ਰਿਫਤਾਰੀ ਉਪਰੰਤ ਉਕਤ ਸੀਏ ਵੱਲੋਂ ਕੀਤੇ ਗਏ ਖੁਲਾਸਿਆਂ ਤੋਂ ਬਾਅਦ ਇਸ ਕੇਸ ਵਿੱਚ ਸੀਜੀਐਸਟੀ ਅਧਿਕਾਰੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7ਏ ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਥਾਣੇ ਵਿਚ ਐੱਫਆਈਆਰ ਦਰਜ ਕੀਤੀ ਗਈ ਹੈ।