ਖਾਦ ਡੀਲਰਾਂ ਦੇ ਸਟਾਕ ਦੀ ਜਾਂਚ
ਬੀਰਬਲ ਰਿਸ਼ੀ
ਧੂਰੀ, 7 ਨਵੰਬਰ
ਪੰਜਾਬ ਸਰਕਾਰ ਵੱਲੋਂ ਕਣਕ ਦੀ ਬਿਜਾਈ ਲਈ ਲੋੜੀਂਦੀ ਡੀਏਪੀ ਖਾਦ ਸੂਬੇ ਦੇ ਕਿਸਾਨਾਂ ਨੂੰ ਉਪਲਬਧ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਹਰਬੰਸ ਸਿੰਘ ਚਹਿਲ ਦੀ ਅਗਵਾਈ ਹੇਠ ਧੂਰੀ ਵਿੱਚ ਸਥਿਤ ਵੱਖ-ਵੱਖ ਖਾਦ ਡੀਲਰਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਵਿੱਚ ਡੀਏਪੀ ਖਾਦ ਦੇ ਸਟਾਕ ਦੀ ਅਚਨਚੇਤ ਜਾਂਚ ਕੀਤੀ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਲਈ ਲੋੜੀਦੇ ਆਦੇਸ਼ ਦਿੱਤੇ। ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਚਹਿਲ ਨੇ ਦੱਸਿਆ ਕਿ ਡੀਏਪੀ ਦੀ ਕਮੀ ਦਾ ਬਹਾਨਾ ਬਣਾ ਕੇ ਕੁਝ ਡੀਲਰਾਂ ਵੱਲੋਂ ਸੂਬੇ ’ਚ ਡੀਏਪੀ ਦੀ ਨਿਰਧਾਰਤ ਕੀਮਤ ਤੋਂ ਵੱਧ ਕੀਮਤ ਵਸੂਲਣ ਦੇ ਯਤਨ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਵੱਲੋਂ ਇਸ ਮਸਲੇ ਨੂੰ ਬੜੀ ਗੰਭੀਰਤਾ ਨਾਲ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਡੀਲਰਾਂ ਨੂੰ ਸਖਤੀ ਨਾਲ ਠੱਲ੍ਹ ਪਾਉਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਜਾਂਚ ਦੌਰਾਨ ਸਾਰੇ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਕਿ ਜੇ ਜਾਂਚ-ਪੜਤਾਲ ਦੌਰਾਨ ਕਿਸੇ ਵੀ ਖਾਦ ਡੀਲਰ ਵੱਲੋਂ ਵੱਧ ਕੀਮਤ ਵਸੂਲਣ, ਬੇਲੋੜੀਆਂ ਵਸਤਾਂ ਦੀ ਟੈਗਿੰਗ ਕਰਨ ਜਾਂ ਕਾਲਾਬਾਜ਼ਾਰੀ ਕਰਨ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸੇ ਦੌਰਾਨ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੁੱਝ ਸੁਸਾਇਟੀਆਂ ਵਿੱਚ ਡੀਏਪੀ ਨਾਲ ਜਬਰੀ ਸਾਮਾਨ ਥੋਪਣ ਦੇ ਬਿਆਨਾਂ ਸਬੰਧੀ ਪੁੱਛੇ ਜਾਣ ’ਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਚਹਿਲ ਨੇ ਕਿਹਾ ਕਿ ਅਜਿਹੀਆਂ ਕੁੱਝ ਸ਼ਿਕਾਇਤਾਂ ਆਈਆਂ ਹਨ ਅਤੇ ਉਹ ਛੇਤੀ ਹੀ ਡੀਆਰਓ ਨੂੰ ਨਾਲ ਲੈ ਕੇ ਸੁਸਾਇਟੀਆਂ ਦੀ ਅਚਨਚੇਤ ਚੈਕਿੰਗ ਕਰਨਗੇ।