ਬਿਜਲੀ ਮੰਤਰੀ ਵੱਲੋਂ ਸ਼ਕਤੀ ਸਦਨ ’ਚ ਚੈਕਿੰਗ
ਪੱਤਰ ਪ੍ਰੇਰਕ
ਜਲੰਧਰ, 30 ਨਵੰਬਰ
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕਰਮਚਾਰੀਆਂ ਦੀ ਹਾਜ਼ਰੀ ਦੀ ਚੈਕਿੰਗ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਦਫ਼ਤਰ, ਸ਼ਕਤੀ ਸਦਨ ਵਿੱਚ ਅਚਨਚੇਤ ਨਿਰੀਖਣ ਕੀਤਾ ਗਿਆ। ਉਹ ਸ਼ਾਮ ਨੂੰ ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਪਹੁੰਚੇ ਅਤੇ ਮੁਲਾਜ਼ਮਾਂ ਦੇ ਹਾਜ਼ਰੀ ਰਜਿਸਟਰਾਂ ਦੀ ਜਾਂਚ ਕੀਤੀ। ਉਨ੍ਹਾਂ ਵੱਖ-ਵੱਖ ਸ਼ਾਖਾਵਾਂ ’ਚ ਤਾਇਨਾਤ ਕਰਮਚਾਰੀਆਂ ਨੂੰ ਬੁਲਾਇਆ ਅਤੇ ਉਨ੍ਹਾਂ ਦੀ ਹਾਜ਼ਰੀ ਚੈੱਕ ਕੀਤੀ। ਚੈਕਿੰਗ ਉਪਰੰਤ ਉਨ੍ਹਾਂ ਕਿਹਾ ਕਿ ਅਚਨਚੇਤ ਦੌਰੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਿਭਾਗ ਦਾ ਸਟਾਫ਼ ਸਮੇਂ ਸਿਰ ਡਿਊਟੀ ’ਤੇ ਹਾਜ਼ਰ ਰਹੇ। ਹਰਭਜਨ ਸਿੰਘ ਨੇ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਕਿ ਕੰਮਕਾਜ ਵਿੱਚ ਕਿਸੇ ਵੀ ਕਿਸਮ ਦੀ ਕੋਤਾਹੀ ਨਹੀਂ ਹੋਣੀ ਚਾਹੀਦੀ। ਬਿਜਲੀ ਮੰਤਰੀ ਨੇ ਉਨ੍ਹਾਂ ਨੂੰ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਆਸਾਨੀ ਨਾਲ ਕਰਵਾਉਣ ਵਿੱਚ ਮਦਦ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਮੰਤਰੀ ਨੇ ਜ਼ੀਰੋ ਪੈਂਡੈਂਸੀ ਦਾ ਟੀਚਾ ਹਾਸਲ ਕਰਨ ਲਈ ਵੀ ਕਿਹਾ। ਇਸ ਮੌਕੇ ਸੀਨੀਅਰ ਅਧਿਕਾਰੀ ਮੌਜੂਦ ਸਨ।