ਪੀਐੱਚਐੱਸਸੀ ਮੈਨੇਜਿੰਗ ਡਾਇਰੈਕਟਰ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ
ਪੱਤਰ ਪ੍ਰੇਰਕ
ਜਲੰਧਰ, 21 ਮਈ
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐੱਚਐੱਸਸੀ) ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਆਈਏਐੱਸ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੱਲੋਂ ਮੰਗਲਵਾਰ ਨੂੰ ਸਿਵਲ ਹਸਪਤਾਲ ਜਲੰਧਰ ਵਿੱਚ ਚੈਕਿੰਗ ਕੀਤੀ ਗਈ। ਸਿਵਲ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੀ ਚੈਕਿੰਗ ਦੌਰਾਨ ਉਨ੍ਹਾਂ ਨਾਲ ਮੈਡੀਕਲ ਸੁਪਰਡੈਂਟ ਡਾ. ਗੀਤਾ ਕਟਾਰੀਆ ਮੌਜੂਦ ਸਨ। ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਿਵਲ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਜਿਵੇਂ ਓ.ਪੀ.ਡੀ., ਐਕਸਰੇ ਵਿਭਾਗ, ਅਲਟਰਾ ਸਾਊਂਡ ਵਿਭਾਗ, ਗਾਇਨੀ ਵਿਭਾਗ, ਮੈਡੀਸਨ ਸਟੋਰ, ਫਾਰਮੇਸੀ ਕਾਊਂਟਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਡਾਕਟਰਾਂ ’ਤੇ ਮਰੀਜ਼ਾਂ ਨਾਲ ਗਲਬਾਤ ਕੀਤੀ ਗਈ। ਫਾਰਮੇਸੀ ਕਾਊਂਟਰ ’ਤੇ ਮਰੀਜ਼ਾਂ ਦੀ ਪਰਚੀਆਂ ਦੇਖ ਕੇ ਜਾਣਕਾਰੀ ਲਈ ਗਈ ਕਿ ਉਨ੍ਹਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ਵਿੱਚੋਂ ਮੁਫ਼ਤ ਹੀ ਮਿਲ ਰਹੀਆਂ ਹਨ ਤਾਂ ਮਰੀਜ਼ਾਂ ਵੱਲੋਂ ਦੱਸਿਆ ਗਿਆ ਕਿ ਸਾਨੂੰ ਸਾਰੀਆਂ ਦਵਾਈਆਂ ਹਸਪਤਾਲ ਵਿੱਚੋਂ ਮੁਫ਼ਤ ਹੀ ਮਿਲ ਰਹੀਆਂ ਹਨ। ਹਸਪਤਾਲ ਦਾ ਦੌਰਾ ਕਰਨ ਉਪਰੰਤ ਉਨ੍ਹਾਂ ਵੱਲੋਂ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਵਿੱਚ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਮੂਹ ਅਧਿਕਾਰੀਆਂ ਤੇ ਸਟਾਫ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਲੋਕਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ ਤਿਆਰ-ਬਰ-ਤਿਆਰ ਰੱਖੀਆਂ ਜਾਣ, ਲੂ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ ਅਤੇ ਐਂਬੂਲੈਂਸ ਸੇਵਾਵਾਂ ਦੁਰਸਤ ਰੱਖੀਆਂ ਜਾਣ।