ਖੇਤੀ ਅਧਿਕਾਰੀਆਂ ਵੱਲੋਂ ਖਾਦ ਵਾਲੀਆਂ ਦੁਕਾਨਾਂ ਦੀ ਚੈਕਿੰਗ
ਮੇਜਰ ਸਿੰਘ ਮੱਟਰਾਂ
ਭਵਾਨੀਗੜ, 2 ਨਵੰਬਰ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਦੀ ਅਗਵਾਈ ਹੇਠ ਅੱਜ ਭਵਾਨੀਗੜ੍ਹ ਦੇ ਬਲਾਕ ਖੇਤੀਬਾੜੀ ਅਫਸਰ ਅਤੇ ਏਡੀਓ ਵੱਲੋਂ ਅਚਨਚੇਤ ਵੱਖ-ਵੱਖ ਖਾਦ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਬਲਾਕ ਖੇਤੀਬਾੜੀ ਅਫਸਰ ਮਨਦੀਪ ਸਿੰਘ ਅਤੇ ਖੇਤੀਬਾੜੀ ਵਿਕਾਸ ਅਫਸਰ ਅਨਮੋਲਦੀਪ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਸ਼ਹਿਰ ਵਿੱਚ ਵੱਖ ਵੱਖ ਖਾਦ ਡੀਲਰਾਂ ਦੀਆਂ ਦੁਕਾਨਾਂ ਦੀ ਜਾਂਚ ਪੜਤਾਲ ਕੀਤੀ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਬਾਰੇ ਜਾਣੂ ਕਰਵਾਇਆ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਹਰਬੰਸ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਖਾਦ ਵਿਕਰੇਤਾ ਨਿਰਧਾਰਿਤ ਕੀਮਤ ਤੋਂ ਜ਼ਿਆਦਾ ਕੀਮਤ ਉਤੇ ਡੀਏਪੀ ਖਾਦ ਦਿੰਦਾ ਪਾਇਆ ਜਾਂਦਾ ਹੈ ਜਾਂ ਡੀਏਪੀ ਖਾਦ ਨਾਲ ਹੋਰ ਕੋਈ ਵਸਤੂ ਖ਼ਰੀਦਣ ਲਈ ਮਜਬੂਰ ਕਰਦਾ ਹੈ ਤਾਂ ਉਸ ਖਿਲਾਫ ਖਾਦ ਕੰਟਰੋਲ ਆਰਡਰ 1985 ਅਧੀਨ ਕਾਰਵਾਈ ਕੀਤੀ ਜਾਵੇਗੀ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਡੀਏਪੀ ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਗ਼ੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਖਾਦ ਡੀਲਰ ਖ਼ਿਲਾਫ਼ ਰਿਪੋਰਟ/ਸ਼ਿਕਾਇਤ ਕਰਨ ਲਈ ਕਿਸਾਨਾਂ ਵਾਸਤੇ ਹੈਲਪ ਲਾਈਨ ਨੰਬਰ ਜਾਰੀ ਕੀਤੇ ਹਨ। ਕਿਸਾਨ 1100 ’ਤੇ ਜਾਂ ਵਟਸਐਪ ਨੰਬਰ 98555-01076 ’ਤੇ ਸੁਨੇਹਾ ਭੇਜ ਕੇ ਡੀਏਪੀ ਖਾਦ ਦੀ ਅਸਲ ਕੀਮਤ ਤੋਂ ਵੱਧ ਰੇਟ ਵਸੂਲਣ, ਗ਼ੈਰ-ਕਾਨੂੰਨੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਵਰਗੇ ਮੁੱਦਿਆਂ ਦੀ ਰਿਪੋਰਟ ਪੰਜਾਬ ਪੱਧਰ |ਤੇ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਡੀਏਪੀ ਖਾਦ ਬਾਰੇ ਇੱਕ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦੇ ਇੰਚਾਰਜ ਏਡੀਓ ਐਨਫੋਰਸਮੈਂਟ ਸਵਿੰਦਰ ਸਿੰਘ ਨੂੰ ਲਗਾਇਆ ਗਿਆ ਹੈ। ਉਨ੍ਹਾਂ ਦੇ ਮੋਬਾਈਲ ਨੰਬਰ 94649-91230 ’ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਡੀਏਪੀ ਖਾਦ ਲੋੜ ਅਨਸਾਰ ਉਪਲਬਧ ਹੈ।