ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਸਟੋਰਾਂ ਦੀ ਚੈਕਿੰਗ
ਹਤਿੰਦਰ ਮਹਿਤਾ
ਜਲੰਧਰ, 20 ਨਵੰਬਰ
ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਲੋੜੀਂਦੀਆਂ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਵਿੱਢੀ ਮੁਹਿੰਮ ਤਹਿਤ ਅੱਜ ਬਲਾਕ ਨਕੋਦਰ ਵਿੱਚ ਖਾਦ ਵਿਕਰੇਤਾਵਾਂ/ਡੀਲਰਾਂ ਦੀਆਂ ਦੁਕਾਨਾਂ ਤੇ ਗੁਦਾਮਾਂ ਦੀ ਚੈਕਿੰਗ ਕੀਤੀ ਗਈ। ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਸਿੰਘ ਠਾਕੁਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਕਣਕ ਤੇ ਆਲੂ ਦੀ ਬਿਜਾਈ ਲਈ ਵਰਤੀਆਂ ਜਾਂਦੀਆਂ ਵੱਖ-ਵੱਖ ਖਾਦਾਂ ਦੇ ਅੱਠ ਸੈਂਪਲ ਭਰਨ ਤੋਂ ਇਲਾਵਾ ਖਾਦ ਸਟੋਰਾਂ ਦੇ ਰਿਕਾਰਡ ਦੀ ਜਾਂਚ ਪੜਤਾਲ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਰੇ ਗਏ ਸੈਂਪਲ ਲੈਬੋਰੇਟਰੀ ਵਿਖੇ ਟੈਸਟ ਲਈ ਭੇਜੇ ਜਾਣਗੇ ਅਤੇ ਜੇਕਰ ਕੋਈ ਸੈਂਪਲ ਫੇਲ੍ਹ ਪਾਇਆ ਗਿਆ ਤਾਂ ਜ਼ਿੰਮੇਵਾਰ ਖਾਦ ਵਿਕਰੇਤਾ/ਡੀਲਰ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਕੀਤੀ ਗਈ ਚੈਕਿੰਗ ਦੌਰਾਨ ਟੀਮ ਵਿੱਚ ਖੇਤੀਬਾੜੀ ਅਫ਼ਸਰ ਡਾ. ਸੁਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਮਰੀਕ ਸਿੰਘ ਅਤੇ ਵਿਭਾਗ ਦੇ ਹੋਰ ਕਰਮਚਾਰੀ ਸ਼ਾਮਲ ਸਨ।