ਮੀਟ ਦੀਆਂ ਦੁਕਾਨਾਂ ਦੀ ਚੈਕਿੰਗ: ਬਿਨਾਂ ਲਾਇਸੈਂਸ ਵਾਲੀਆਂ ਦੁਕਾਨਾਂ ਬੰਦ ਕਰਵਾਈਆਂ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 23 ਸਤੰਬਰ
ਮੁਹਾਲੀ ਵਿੱਚ ਬਿਨਾ ਲਾਇਸੈਂਸ ਤੋਂ ਚੱਲਦੀਆਂ ਮੀਟ ਦੀਆਂ ਦੁਕਾਨਾਂ ਬਾਰੇ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਮੁਹਾਲੀ ਨਗਰ ਨਿਗਮ ਵੱਲੋਂ ਅੱਜ ਸਿਹਤ ਅਫ਼ਸਰ ਦੀ ਅਗਵਾਈ ਹੇਠ ਸੈਨੇਟਰੀ ਸੁਪਰਵਾਈਜ਼ਰਾਂ ਦੀਪਕ ਕੁਮਾਰ ਅਤੇ ਬਿੱਟੂ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪਿੰਡ ਮੁਹਾਲੀ ਵਿੱਚ ਜਾਂਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਜਿਹੜੀਆਂ ਦੁਕਾਨਾਂ ਬਿਨਾਂ ਲਾਇਸੈਂਸ ਤੋਂ ਚੱਲ ਰਹੀਆਂ ਸਨ, ਉਨ੍ਹਾਂ ਨੂੰ ਮੌਕੇ ’ਤੇ ਹੀ ਬੰਦ ਕਰਵਾਇਆ ਗਿਆ। ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਵਿੱਚ ਬਿਨਾਂ ਲਾਇਸੈਂਸ ਤੋਂ ਮੀਟ ਦੀਆਂ ਦੁਕਾਨਾਂ ਖੁੱਲ੍ਹੀਆਂ ਹੋਣ ਬਾਰੇ ਸ਼ਿਕਾਇਤਾਂ ਮਿਲ ਰਹੀਆਂ ਸਨ ਕਿਉਂਕਿ ਕੁੱਝ ਦੁਕਾਨਦਾਰ ਕਈ ਵਾਰ ਘਟੀਆਂ ਕੁਆਲਿਟੀ ਦਾ ਸਾਮਾਨ ਵੇਚਦੇ ਹਨ, ਜਿਸ ਨਾਲ ਮਨੁੱਖੀ ਸਿਹਤ ਨੂੰ ਵੱਡਾ ਖ਼ਤਰਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪਿੰਡ ਮੁਹਾਲੀ ਵਿੱਚ ਬਿਨਾ ਲਾਇਸੈਂਸ ਦੇ ਚੱਲਦੀਆਂ ਦੁਕਾਨਾਂ ਨੂੰ ਬੰਦ ਕਰਵਾਇਆ ਗਿਆ ਅਤੇ ਤਿੰਨ ਦੁਕਾਨਾਂ ਦੇ ਚਲਾਨ ਵੀ ਕੀਤੇ ਗਏ। ਉਨ੍ਹਾਂ ਕਿਹਾ ਕਿ ਮੁਹਾਲੀ ਨਿਗਮ ਵੱਲੋਂ ਭਵਿੱਖ ਵਿੱਚ ਵੀ ਇਹ ਕਾਰਵਾਈ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੀਡੀਆ ਵਿੱਚ ਇਹ ਮੁੱਦਾ ਬੜੇ ਜ਼ੋਰਾਂ ਸ਼ੋਰਾਂ ਨਾਲ ਚੁੱਕਿਆ ਸੀ।