Chhattisgarh : ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿੱਚ 10 ਨਕਸਲੀ ਢੇਰ
ਸੁਕਮਾ, 22 ਨਵੰਬਰ
ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਸੁਰੱਖਿਆ ਕਰਮੀਆਂ ਨਾਲ ਹੋਏ ਮੁਕਾਬਲੇ ਵਿੱਚ 10 ਨਕਸਲੀ ਮਾਰੇ ਗਏ। ਪੁਲੀਸ ਦੇ ਇੰਸਪੈਕਟਰ ਜਨਰਲ (ਬਸਤਰ ਰੇਂਜ) ਸੁੰਦਰਰਾਜ ਪੀ ਨੇ ਦੱਸਿਆ ਕਿ ਅੱਜ ਸਵੇਰੇ ਭੱਜੀ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਦੇ ਇੱਕ ਜੰਗਲ ਵਿੱਚ ਗੋਲੀਬਾਰੀ ਸ਼ੁਰੂ ਹੋ ਗਈ, ਜਦੋਂ ਸੁਰੱਖਿਆ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਨਕਸਲ ਵਿਰੋਧੀ ਮੁਹਿੰਮ ’ਤੇ ਸੀ।
ਉਨ੍ਹਾਂ ਦੱਸਿਆ ਕਿ ਮੌਕੇ ਤੋਂ ਹੁਣ ਤੱਕ 10 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਇਕ ਇੰਸਾਸ ਰਾਈਫਲ, ਇਕ ਏਕੇ-47 ਰਾਈਫਲ ਅਤੇ ਇਕ ਸੈਲਫ ਲੋਡਿੰਗ ਰਾਈਫਲ (ਐਸਐਲਆਰ) ਸਮੇਤ ਹਥਿਆਰਾਂ ਦਾ ਭੰਡਾਰ ਵੀ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤਰ ਵਿੱਚ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਅਤੇ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐਫ) ਵੱਲੋਂ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਪੁਲੀਸ ਨੇ ਦੱਸਿਆ ਕਿ ਇਸ ਘਟਨਾ ਦੇ ਨਾਲ ਸੁਕਮਾ ਸਮੇਤ ਸੱਤ ਜ਼ਿਲ੍ਹਿਆਂ ਵਾਲੇ ਛੱਤੀਸਗੜ੍ਹ ਦੇ ਬਸਤਰ ਖੇਤਰ ਵਿੱਚ ਵੱਖ-ਵੱਖ ਮੁਕਾਬਲਿਆਂ ਤੋਂ ਬਾਅਦ ਇਸ ਸਾਲ ਦੌਰਾਨ ਹੁਣ ਤੱਕ 207 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਪੀਟੀਆਈ