ਚੀਫ਼ ਖਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਅਧਿਆਪਕਾਂ ਨਾਲ ਮੀਟਿੰਗ
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 19 ਮਾਰਚ
ਚੀਫ਼ ਖਾਲਸਾ ਦੀਵਾਨ ਧਰਮ-ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਅਤੇ ਗੁਰਮਤਿ ਸੰਗੀਤ ਅਧਿਆਪਕਾਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਮੀਟਿੰਗ ਵਿੱਚ ਵਿਦਿਆਰਥੀਆਂ ਨੂੰ ਆਪਣੇ ਧਰਮ ਅਤੇ ਸਿੱਖੀ ਜੀਵਨ ਜਾਚ ਨਾਲ ਜੋੜਨ ਹਿੱਤ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਬੱਚਿਆਂ ਨੂੰ ‘ੳ’ ਅਤੇ ਜੂੜੇ ਦੀ ਮਹੱਤਤਾ ਸਮਝਾਉਣ, ਸਿੱਖਾਂ ਦੇ ਪੁਰਾਤਨ, ਸ਼ਾਨਦਾਰ ਅਤੇ ਕੁਰਬਾਨੀਆਂ ਭਰੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਅਤੇ ਸਿੱਖੀ ਪ੍ਰਚਾਰ-ਪ੍ਰਸਾਰ ਦੀ ਲਹਿਰ ਨੂੰ ਹੋਰ ਤੇਜ਼ ਕਰਨ ਹਿੱਤ ਖਾਸ ਯੋਜਨਾਵਾਂ ਉਲੀਕਣ ਦੀ ਲੋੜ ’ਤੇ ਜ਼ੋਰ ਦਿੱਤਾ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਨਵੇਂ ਸਿਲੇਬਸ ਵਿਚ ਬੱਚਿਆਂ ਨੂੰ ਗੁਰਬਾਣੀ ਦੇ ਅਰਥ ਡੂੰਘਾਈ ਨਾਲ ਸਮਝਾਉਣ, ਤੰਤੀ ਸਾਜ਼ਾਂ ਨਾਲ ਕੀਰਤਨ ਪਰੰਪਰਾ ਨੂੰ ਸੁਰਜੀਤ ਕਰਨ ਅਤੇ ਗੁਰਬਾਣੀ ਕੰਠ ਕਰਵਾਉਣ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ।