ਚੀਫ ਖ਼ਾਲਸਾ ਦੀਵਾਨ ਵੱਲੋਂ ਸਿੱਖ ਐਜੂਕੇਸ਼ਨ ਬੋਰਡ ਸਥਾਪਤ ਕਰਨ ਦਾ ਫ਼ੈਸਲਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਨਵੰਬਰ
ਸਿੱਖ ਧਾਰਮਿਕ ਤੇ ਵਿੱਦਿਅਕ ਸੰਸਥਾ ਚੀਫ ਖ਼ਾਲਸਾ ਦੀਵਾਨ ਨੂੰ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਐਜੂਕੇਸ਼ਨ ਬੋਰਡ ਸਥਾਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦਾ ਖੁਲਾਸਾ ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਚੀਫ ਖ਼ਾਲਸਾ ਦੀਵਾਨ ਵੱਲੋਂ ਅਕਾਲ ਤਖਤ ਨੂੰ ਅਪੀਲ ਕੀਤੀ ਗਈ ਸੀ। ਸ੍ਰੀ ਨਿੱਝਰ ਨੇ ਦਾਅਵਾ ਕੀਤਾ ਕਿ ਅਕਾਲ ਤਖਤ ਦੇ ਜਥੇਦਾਰ ਵੱਲੋਂ ਚੀਫ ਖਾਲਸਾ ਦੀਵਾਨ ਦੇ ਵਿੱਦਿਅਕ ਖੇਤਰ ਵਿੱਚ ਪਾਏ ਅਹਿਮ ਯੋਗਦਾਨ ਦੇ ਮੱਦੇਨਜ਼ਰ ਦੀਵਾਨ ਨੂੰ ਸਿੱਖ ਐਜੂਕੇਸ਼ਨ ਬੋਰਡ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਵਿਸ਼ਵ ਪੱਧਰੀ ਸਿੱਖਿਆ ਸ਼ਾਸਤਰੀਆਂ ਦੀਆਂ ਸੇਵਾਵਾਂ ਲੈਣ ਲਈ ਸਬ ਕਮੇਟੀ ਬਣਾ ਕੇ ਇਸ ਕਾਰਜ ਨੂੰ ਸਫਲ ਕਰਨ ਲਈ ਕਿਹਾ ਗਿਆ ਹੈ।
ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਨਿੱਝਰ, ਮੀਤ ਪ੍ਰਧਾਨ ਜਗਜੀਤ ਸਿੰਘ, ਵਧੀਕ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੌਮ ਦੇ ਚੰਗੇ ਭਵਿੱਖ ਲਈ ਸਿੱਖ ਐਜੂਕੇਸ਼ਨ ਬੋਰਡ ਸਥਾਪਿਤ ਕਰਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਤਾਂ ਕਿ ਸਿੱਖ ਬੱਚਿਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜਾਣੂ ਕਰਵਾਉਂਦਿਆਂ ਸਿੱਖ ਮਰਿਆਦਾ, ਸਿੱਖ ਸਿਧਾਂਤਾਂ ਅਤੇ ਸਿੱਖ ਇਤਿਹਾਸ ਨਾਲ ਵੀ ਜੋੜਿਆ ਜਾ ਸਕੇ।