ਵਾਅਦੇ ਪੂਰੇ ਨਾ ਕਰਕੇ ਮੁੱਖ ਮੰਤਰੀ ਨੇ ਧੋਖਾ ਕੀਤਾ: ਹਰਸਿਮਰਤ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 6 ਮਾਰਚ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ ਦੇ ਆਗੂਆਂ ਨਾਲ ਕਥਿਤ ਦੁਰਵਿਹਾਰ ਕਰਕੇ ਨਾ ਸਿਰਫ ਵਿਧਾਨ ਸਭਾ ਦਾ ਮਾਣ ਸਤਿਕਾਰ ਘਟਾਇਆ ਹੈ ਬਲਕਿ ਸੂਬੇ ਦੇ ਬਜਟ ਵਿੱਚ ਔਰਤਾਂ ਨਾਲ ਕੀਤੇ ਵਾਅਦੇ ਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਕੋਈ ਫੰਡ ਅਲਾਟ ਨਾ ਕਰ ਕੇ ਪੰਜਾਬੀਆਂ ਨਾਲ ਵੱਡਾ ਧਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੇ ਆਗੂਆਂ ਦੀ ਕਦਰ ਘਟਾਈ ਜਾ ਰਹੀ ਹੈ। ਉਨ੍ਹਾਂ ਪਿੰਡ ਸ਼ੇਖਪੁਰਾ, ਨਾਂਗਲਾ, ਨਥੇਹਾ ਤੇ ਗੋਲੇਵਾਲ ਦੇ ਦੌਰੇ ਦੌਰਾਨ ਪਿੰਡ ਚੱਠੇ ਵਾਲਾ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਵਿਚ ਬਹਿਸ ਦਾ ਪੱਧਰ ਬਹੁਤ ਨੀਵਾਂ ਕਰ ਦਿੱਤਾ ਹੈ ਤੇ ਉਹ ਸਿਆਸੀ ਵਿਰੋਧੀਆਂ ਦੇ ਨਾਂ ਲੈ ਕੇ ਉਨ੍ਹਾਂ ਖ਼ਿਲਾਫ਼ ਬਦ-ਜ਼ੁਬਾਨੀ ਕਰਦੇ ਰਹੇ ਤੇ ਉਹਨਾਂ ਨੇ ਵਿਰੋਧੀਆਂ ਨੂੰ ਧਮਕੀਆਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਰਾ ਸੂਬਾ ਸ਼ਰਮਸ਼ਾਰ ਮਹਿਸੂਸ ਕਰ ਰਿਹਾ ਹੈ ਕਿ ਕਿਸ ਦੇ ਹੱਥ ਸੱਤਾ ਦੀ ਵਾਗਡੋਰ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ 2024-25 ਦੇ ਬਜਟ ਵਿਚ ਸਮਾਜ ਦੇ ਹਰ ਵਰਗ ਨੂੰ ਅਣਡਿੱਠ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਦੋ ਸਾਲ ਪਹਿਲਾਂ ਸੂਬੇ ਵਿਚ ਸਾਰੀਆਂ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਇਹ ਸਰਕਾਰ ਦੋ ਸਾਲਾਂ ਤੋਂ ਸਕੀਮ ਲਾਗੂ ਕਰਨ ਵਿਚ ਨਾਕਾਮ ਰਹੀ ਹੈ ਤੇ ਹਰ ਔਰਤ ਦਾ 24-24 ਹਜ਼ਾਰ ਰੁਪਿਆ ਬਕਾਇਆ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਸਕੀਮ ਲਈ ਹੁਣ ਵੀ ਪੈਸਾ ਅਲਾਟ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸੇਵਾਮੁਕਤ ਮੁਲਾਜ਼ਮਾਂ ਨੂੰ ਝੂਠ ਬੋਲਿਆ ਕਿ ਸਰਕਾਰ ਨੇ 2022 ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਅਤੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਚੋਣਾਂ ਵਿਚ ਇਹ ਸਕੀਮ ਪੰਜਾਬ ਵਿਚ ਲਾਗੂ ਕਰਨ ਦੇ ਦਾਅਵੇ ਕਰਕੇ ਇਸਦਾ ਖੂਬ ਪ੍ਰਚਾਰ ਕੀਤਾ ਜਦਕਿ ਸਰਕਾਰ ਅੱਜ ਤੱਕ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਵਿੱਚ ਨਾਕਾਮ ਰਹੀ ਹੈ ਤੇ ਇਸਨੇ 2024-25 ਦੇ ਬਜਟ ਵਿਚ ਇਸ ਸਕੀਮ ਵਾਸਤੇ ਕੋਈ ਫੰਡ ਨਹੀਂ ਰੱਖੇ ਜਿਸ ਤੋਂ ਸਪਸ਼ਟ ਹੈ ਕਿ ਇਹ ਸਕੀਮ ਨੇੜਲੇ ਭਵਿੱਖ ਵਿਚ ਬਹਾਲ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਦੋ ਸਾਲਾਂ ਤੋਂ ਹੜ੍ਹਾਂ ਤੇ ਗੜੇਮਾਰੀ ਕਾਰਨ ਹੋਏ ਫਸਲੀ ਨੁਕਸਾਨ ਦਾ ਹੁਣ ਤੱਕ ਮੁਆਵਜ਼ਾ ਉਡੀਕ ਰਹੇ ਹਨ। ਉਨ੍ਹਾਂ ਕਿਹਾ ਕਿ ਨਰਮੇ ’ਤੇ ਗੁਲਾਬੀ ਸੁੰਡੀ ਦਾ ਹਮਲਾ ਹੋਣ ਦੇ ਬਾਵਜੂਦ ਨਰਮਾ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਜ਼ਿਲ੍ਹੇ ਤੋਂ ਹੋਣ ਦੇ ਬਾਵਜੂਦ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕੋਲ ਮੁਸੀਬਤ ਮਾਰੇ ਕਿਸਾਨਾਂ ਦੀ ਸਾਰ ਲੈਣ ਦਾ ਸਮਾਂ ਨਹੀਂ ਹੈ।