For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਵੱਲੋਂ ਓਲੰਪਿਕ ਤਗ਼ਮਾ ਜੇਤੂ ਮਨੂ ਭਾਕਰ ਦਾ ਸਨਮਾਨ

07:55 AM Aug 10, 2024 IST
ਮੁੱਖ ਮੰਤਰੀ ਵੱਲੋਂ ਓਲੰਪਿਕ ਤਗ਼ਮਾ ਜੇਤੂ ਮਨੂ ਭਾਕਰ ਦਾ ਸਨਮਾਨ
ਮੁੱਖ ਮੰਤਰੀ ਭਗਵੰਤ ਮਾਨ ਓਲੰਪਿਕਸ ’ਚ ਤਗ਼ਮਾ ਜੇਤੂ ਖਿਡਾਰਨ ਮਨੂ ਭਾਕਰ ਨਾਲ ਗੱਲਬਾਤ ਕਰਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਰਿਹਾਇਸ਼ ’ਤੇ ਓਲੰਪਿਕ ਤਗਮਾ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪੈਰਿਸ ਓਲੰਪਿਕਸ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ ਮਨੂ ਭਾਕਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੈਰਿਸ ਵਿੱਚ ਸ਼ੂਟਿੰਗ ਮੁਕਾਬਲਿਆਂ ਵਿੱਚ ਦੋ ਤਗ਼ਮੇ ਜਿੱਤ ਕੇ ਮਨੂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਹ ਨਿਸ਼ਾਨੇਬਾਜ਼ ਨੌਜਵਾਨਾਂ ਲਈ ਆਦਰਸ਼ ਬਣ ਕੇ ਉੱਭਰੀ ਹੈ ਅਤੇ ਉਸ ਦੀਆਂ ਪ੍ਰਾਪਤੀਆਂ ਉੱਭਰਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਦੇਸ਼ ਲਈ ਨਾਮਣਾ ਖੱਟਣ ਲਈ ਪ੍ਰੇਰਿਤ ਕਰਨਗੀਆਂ। ਮੁੱਖ ਮੰਤਰੀ ਨੇ ਇਸ ਨੌਜਵਾਨ ਖਿਡਾਰਨ ਨੂੰ ਪੰਜਾਬ ਸਰਕਾਰ ਦੀ ਨਵੀਂ ਖੇਡ ਨੀਤੀ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਇਕ ਪਾਸੇ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਪਾਸੇ ਲਾਉਣਾ ਹੈ, ਦੂਜੇ ਪਾਸੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣਾ ਹੈ। ਮੁੱਖ ਮੰਤਰੀ ਨੇ ਭਾਰਤੀ ਖਿਡਾਰੀਆਂ ਖ਼ਾਸ ਤੌਰ ’ਤੇ ਪੰਜਾਬ ਤੇ ਹਰਿਆਣਾ ਦੇ ਖਿਡਾਰੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਦੇਸ਼ ਲਈ ਤਗ਼ਮੇ ਜਿੱਤੇ ਹਨ। ਮਨੂ ਭਾਕਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਪੰਜਾਬ ਵਿੱਚ ਖੇਡਾਂ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਤੇ ਖੇਡ ਨੀਤੀ ਦੀ ਤਾਰੀਫ਼ ਕੀਤੀ।

Advertisement

ਨੀਰਜ ਚੋਪੜਾ ਨੂੰ ਵੀ ਮੁਬਾਰਕਬਾਦ ਦਿੱਤੀ

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਓਲੰਪਿਕ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਵਿਲੱਖਣ ਤੇ ਇਤਿਹਾਸਕ ਪ੍ਰਾਪਤੀ ਰਾਹੀਂ ਸਮੁੱਚੇ ਮੁਲਕ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਚੋਪੜਾ ਨੇ ਟੋਕੀਓ ਓਲੰਪਿਕਸ ਵਿੱਚ ਸੋਨੇ ਦਾ ਤਮਗ਼ਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਹੁਣ ਪੈਰਿਸ ਓਲੰਪਿਕਸ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ।

Advertisement

ਮਨੂ ਭਾਕਰ ਹੋਵੇਗੀ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਮੁਹਿੰਮ ਦੀ ਬਰਾਂਡ ਅੰਬੈਸਡਰ

ਅੰਬਾਲਾ (ਨਿੱਜੀ ਪੱਤਰ ਪ੍ਰੇਰਕ):

ਹਰਿਆਣਾ ਦੇ ਟਰਾਂਸਪੋਰਟ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਸੀਮ ਗੋਇਲ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦੇ ਦੋ ਤਗ਼ਮੇ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਨੂੰ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਦੀ ਮੁਹਿੰਮ ਦੀ ਬਰਾਂਡ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਨੇ ਦੇਰ ਸ਼ਾਮ ਨੂੰ ਅੰਬਾਲਾ ਛਾਉਣੀ ਦੇ ਜੀਆ ਵਾਟਿਕਾ ’ਚ ਕਰਵਾਏ ਇੱਕ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦਿੱਤੀ। ਅਸੀਮ ਗੋਇਲ ਨੇ ਕਿਹਾ, ‘‘ਮੈਂ ਮਨੂ ਭਾਕਰ ਨੂੰ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਮੁਹਿੰਮ ਦਾ ਬਰਾਂਡ ਅੰਬੈਸਡਰ ਨਿਯੁਕਤ ਕਰਨ ਦਾ ਐਲਾਨ ਕਰਦਾ ਹਾਂ।’’ ਉਨ੍ਹਾਂ ਕਿਹਾ ਕਿ ਹਰਿਆਣਾ ਦੀ ਧੀ ਮਨੂ ਭਾਕਰ ਨੇ ਵਿਦੇਸ਼ ਦੀ ਧਰਤੀ ’ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਕੇ ਦੇਸ਼ ਅਤੇ ਸੂਬੇ ਦਾ ਨਾਂ ਰੋਸ਼ਨ ਕੀਤਾ ਹੈ। ਇਸ ਨਾਲ ਬਿਨਾਂ ਸ਼ੱਕ ਹੋਰ ਖਿਡਾਰੀਆਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਮਿਲੇਗੀ। ਉਨ੍ਹਾਂ ਵਿਨੇਸ਼ ਫੋਗਾਟ ਤੇ ਸਰਬਜੋਤ ਸਿੰਘ ਨੂੰ ਵੀ ਵਧਾਈ ਦਿੱਤੀ।

Advertisement
Author Image

joginder kumar

View all posts

Advertisement