ਮੁੱਖ ਮੰਤਰੀ ਵੱਲੋਂ ਵਜ਼ੀਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ
ਚਰਨਜੀਤ ਭੁੱਲਰ
ਚੰਡੀਗੜ੍ਹ, 29 ਸਤੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਸਪਤਾਲ ’ਚੋਂ ਛੁੱਟੀ ਮਿਲਣ ਮਗਰੋਂ ਮੁੱਖ ਮੰਤਰੀ ਦਫ਼ਤਰ ਦਾ ਕੰਮਕਾਜ ਮੁੜ ਸ਼ੁਰੂ ਕਰ ਦਿੱਤਾ। ਚਾਰ ਦਿਨ ਪਹਿਲਾਂ ਮੁੱਖ ਮੰਤਰੀ ਅਚਨਚੇਤ ਸਿਹਤ ਸਮੱਸਿਆ ਆਉਣ ਕਰਕੇ ਹਸਪਤਾਲ ਭਰਤੀ ਹੋਏ ਸਨ। ਉਨ੍ਹਾਂ ਨੂੰ ਸ਼ਾਮ ਸਮੇਂ ਹਸਪਤਾਲ ਤੋਂ ਛੁੱਟੀ ਮਿਲੀ ਅਤੇ ਉਨ੍ਹਾਂ ਨੇ ਰਿਹਾਇਸ਼ ’ਤੇ ਪਹੁੰਚਦਿਆਂ ਹੀ ਸਰਕਾਰੀ ਸਮੀਖਿਆ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ।
ਪਤਾ ਲੱਗਾ ਹੈ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਜ਼ਿਆਦਾ ਕੰਮ ਨਾ ਕਰਨ ਦੀ ਸਲਾਹ ਦਿੱਤੀ ਹੈ। ਮੁੱਖ ਮੰਤਰੀ ਨੇ ਬੀਤੇ ਦਿਨ ਮੁਹਾਲੀ ਦੇ ਹਸਪਤਾਲ ’ਚੋਂ ਵੀ ਜ਼ਰੂਰੀ ਫਾਈਲਾਂ ਕਲੀਅਰ ਕੀਤੀਆਂ ਹਨ। ਉਨ੍ਹਾਂ ਦੇ ਪ੍ਰਮੁੱਖ ਸਕੱਤਰ ਵੀਕੇ ਸਿੰਘ ਨੇ ਬੀਤੇ ਦਿਨ ਮੁੱਖ ਮੰਤਰੀ ਨਾਲ ਵਿੱਤ ਮਹਿਕਮੇ ਆਦਿ ਨਾਲ ਸਬੰਧਤ ਫਾਈਲਾਂ ’ਤੇ ਚਰਚਾ ਕੀਤੀ ਅਤੇ ਮੁੱਖ ਮੰਤਰੀ ਨੇ ਦਸਤਖ਼ਤ ਕੀਤੇ। ਮੁੱਖ ਮੰਤਰੀ ਨੇ ਅੱਜ ਸ਼ਾਮੀਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਸਰਕਾਰੀ ਕੰਮਾਂ ਬਾਰੇ ਚਰਚਾ ਕੀਤੀ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਉਨ੍ਹਾਂ ਪਰਾਲੀ ਪ੍ਰਬੰਧਨ ਬਾਰੇ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਭਲਕੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਮੀਟਿੰਗ ਵੀ ਸੱਦੀ ਹੈ। ਮੁੱਖ ਮੰਤਰੀ ਨੇ ਉੱਚ ਅਫ਼ਸਰਾਂ ਨਾਲ ਵੀ ਮੀਟਿੰਗ ਕੀਤੀ ਅਤੇ ਪੁਰਾਣੀਆਂ ਤੇ ਜ਼ਰੂਰੀ ਫਾਈਲਾਂ ਦਾ ਕੰਮ ਨਿਬੇੜਿਆ।
ਉਨ੍ਹਾਂ ਮੁੱਖ ਸਕੱਤਰ ਅਨੁਰਾਗ ਵਰਮਾ ਤੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ ਬਾਰੇ ਵੀ ਜਾਣਕਾਰੀ ਲਈ। ਇਸ ਤੋਂ ਪਹਿਲਾਂ ਹਸਪਤਾਲ ਵਿਚ ਅੱਜ ਕਾਂਗਰਸੀ ਵਿਧਾਇਕ ਪਰਗਟ ਸਿੰਘ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁਹਾਲੀ ਦੇ ਸੋਹਾਣਾ ਗੁਰਦੁਆਰਾ ਸਾਹਿਬ ’ਚ ਮੁੱਖ ਮੰਤਰੀ ਦੀ ਸਿਹਤਯਾਬੀ ਲਈ ਅਰਦਾਸ ਕਰਾਈ। ਕੈਬਨਿਟ ਵਜ਼ੀਰਾਂ ਨੇ ਫ਼ੋਨ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਬੁੱਧਵਾਰ ਰਾਤ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਹ ਡਾਕਟਰਾਂ ਦੀ ਨਿਗਰਾਨੀ ਹੇਠ ਫੋਰਟਿਸ ਦੀ ਤੀਜੀ ਮੰਜ਼ਿਲ ’ਤੇ ਆਈਸੀਯੂ ਮੈਡੀਕਲ ਵਾਰਡ ਵਿੱਚ ਦਾਖ਼ਲ ਸਨ।
ਫ਼ਸਲ ਦਾ ਦਾਣਾ-ਦਾਣਾ ਖ਼ਰੀਦਾਂਗੇ: ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸੂਬੇ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਫ਼ਸਲ ਦਾ ਦਾਣਾ-ਦਾਣਾ ਚੁੱਕਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਝੋਨੇ ਦੀ ਫ਼ਸਲ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਵਿੱਚ 185 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਹੈ ਅਤੇ ਭਾਰਤੀ ਰਿਜ਼ਰਵ ਬੈਂਕ ਵੱਲੋਂ ਖ਼ਰੀਦ ਲਈ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਫ਼ਸਲ ਦੀ ਤੁਰੰਤ ਚੁਕਾਈ ਯਕੀਨੀ ਬਣਾਉਣ ਲਈ ਵੀ ਕਿਹਾ ਅਤੇ ਕਿਸੇ ਵੀ ਕਿਸਮ ਦੀ ਢਿੱਲ-ਮੱਠ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ ’ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਮੁੱਖ ਮੰਤਰੀ ਨੇ ਚੌਲ ਮਿੱਲ ਮਾਲਕਾਂ ਨੂੰ ਰਾਹਤ ਦਿੰਦਿਆਂ ਕਿਹਾ ਕਿ ਇਸ ਖ਼ਰੀਦ ਸੀਜ਼ਨ ’ਚ ਕਸਟਮ ਮਿਲਿੰਗ ਦੀ ਅਲਾਟਮੈਂਟ ਵਾਸਤੇ ਸਭ ਤੋਂ ਪਹਿਲਾਂ ਅਪਲਾਈ ਕਰਨ ਵਾਲੇ 750 ਮਿੱਲ ਮਾਲਕਾਂ ਨੂੰ ਨੀਤੀ ਅਨੁਸਾਰ ਅਲਾਟ ਕੀਤੇ ਝੋਨੇ ਤੋਂ 25 ਫ਼ੀਸਦੀ ਵੱਧ ਝੋਨਾ ਅਲਾਟ ਕੀਤਾ ਜਾਵੇਗਾ।