ਮੁੱਖ ਮੰਤਰੀ ਨਾਇਬ ਸੈਣੀ ਨੇ ਨਾਢਾ ਸਾਹਿਬ ’ਚ ਮੱਥਾ ਟੇਕਿਆ
ਪੀਪੀ ਵਰਮਾ
ਪੰਚਕੂਲਾ, 6 ਜਨਵਰੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਢਾ ਸਾਹਿਬ ਮੱਥਾ ਟੇਕਿਆ। ਉਨ੍ਹਾਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਮਾਣ ਹੈ ਕਿ ਗੁਰੂ ਗੋਬਿੰਦ ਸਿੰਘ ਨੇ ਸਮਾਜ ਅਤੇ ਧਰਮ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਖਾਲਸਾ ਪੰਥ ਦੀ ਨੀਂਹ ਰੱਖੀ ਅਤੇ ਸਮਾਜ ਅਤੇ ਦੇਸ਼ ਲਈ ਆਪਣਾ ਪਰਿਵਾਰ ਕੁਰਬਾਨ ਕਰ ਦਿੱਤਾ। ਇਸ ਮੌਕੇ ਜਥੇਦਾਰ ਬਲਜੀਤ ਸਿੰਘ ਨੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ, ਸੂਬੇ ਦੇ 40 ਵਾਰਡਾਂ ਵਿੱਚ ਪਹਿਲੀ ਵਾਰ 19 ਜਨਵਰੀ ਨੂੰ ਵੋਟਾਂ ਪੈਣਗੀਆਂ। ਇਸ ਮੌਕੇ ਨਾਢਾ ਸਾਹਿਬ ਦੇ ਮੈਨੇਜਰ ਪਰਮਜੀਤ ਸਿੰਘ, ਹੈੱਡ ਗ੍ਰੰਥੀ ਜਗਜੀਤ ਸਿੰਘ, ਸਾਬਕਾ ਮੰਤਰੀ ਕੰਵਰਪਾਲ ਗੁੱਜਰ, ਭਾਜਪਾ ਦੇ ਮੀਤ ਪ੍ਰਧਾਨ ਬੰਤੋ ਕਟਾਰੀਆ, ਕ੍ਰਿਸ਼ਨ ਢੁੱਲ, ਸੰਜੇ ਅਹੂਜਾ, ਡਿਪਟੀ ਕਮਿਸ਼ਨਰ ਪੁਲੀਸ ਹਿਮਾਦਰੀ ਕੌਸ਼ਿਕ, ਐਸਡੀਐਮ ਚੰਦਰਕਾਂਤ ਕਟਾਰੀਆ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਅੰਮਿਤ ਸੰਚਾਰ ਵੀ ਕਰਵਾਇਆ ਗਿਆ।