For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਗੁਰਦੁਆਰਾ ਭੱਠਾ ਸਾਹਿਬ ਵਿਖੇ ਨਤਮਸਤਕ

07:45 AM Jan 07, 2025 IST
ਮੁੱਖ ਮੰਤਰੀ ਗੁਰਦੁਆਰਾ ਭੱਠਾ ਸਾਹਿਬ ਵਿਖੇ ਨਤਮਸਤਕ
ਗੁਰਦੁਆਰਾ ਭੱਠਾ ਸਾਹਿਬ ਵਿੱਚ ਨਤਮਸਤਕ ਹੁੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।
Advertisement

ਜਗਮੋਹਨ ਸਿੰਘ
ਰੂਪਨਗਰ, 6 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਇਥੇ ਰੂਪਨਗਰ ਦੇ ਗੁਰਦੁਆਰਾ ਭੱਠਾ ਸਾਹਿਬ ਮੱਥਾ ਟੇਕਿਆ। ਉਨ੍ਹਾਂ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸਮੂਹ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਇਸ ਪਵਿੱਤਰ ਦਿਹਾੜੇ ’ਤੇ ਸਾਨੂੰ ਸਾਰਿਆਂ ਨੂੰ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦਾ ਸ਼ਾਂਤੀ, ਮਾਨਵਤਾ, ਪਿਆਰ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਅਜੋਕੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ। ਪੰਜਾਬ ਸਰਕਾਰ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ।

Advertisement

ਪੰਜਾਬ ਦੇ ਰਾਜਪਾਲ ਨੇ ਤਖ਼ਤ ਕੇਸਗੜ੍ਹ ਸਾਹਿਬ ਮੱਥਾ ਟੇਕਿਆ

ਤਖਤ ਕੇਸਗੜ੍ਹ ਸਾਹਿਬ ਨਤਮਸਤਕ ਹੁੰਦੇ ਹੋਏ ਪੰਜਾਬ ਦੇ ਰਾਜਪਾਲ। -ਫੋਟੋ: ਚਾਨਾ

ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣੇ ਪਰਿਵਾਰ ਸਣੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਉਨ੍ਹਾਂ ਮੱਥਾ ਟੇਕਣ ਉਪਰੰਤ ਕੀਰਤਨ ਸਰਵਣ ਕੀਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਸਮੁੱਚੇ ਦੇਸ਼ ਵਾਸੀਆਂ ਨੂੰ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਇਤਿਹਾਸਕ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਦਾ ਉਨ੍ਹਾਂ ਨੂੰ ਸੁਭਾਗ ਪ੍ਰਾਪਤ ਹੋਇਆ ਹੈ। ਰਾਜਪਾਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਮੁੱਚਾ ਪਰਿਵਾਰ ਦੇਸ਼ ਅਤੇ ਧਰਮ ਦੀ ਰਾਖੀ ਲਈ ਕੁਰਬਾਨ ਕੀਤਾ। ਇਸ ਤੋਂ ਸਾਰਿਆਂ ਨੂੰ ਆਪਣੇ ਜੀਵਨ ਵਿਚ ਅਮਲ ਕਰਨ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਜਥੇਦਾਰ ਸੁਲਤਾਨ ਸਿੰਘ ਵੱਲੋਂ ਰਾਜਪਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀਸੀ ਹਿਮਾਂਸ਼ੂ ਜੈਨ, ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਨਾ ਮੌਜੂਦ ਸਨ।

Advertisement

ਵਿਧਾਇਕ ਨੇ ਮੁੱਖ ਮੰਤਰੀ ਤੋਂ ਕੀਤੀ ਕੁੰਮਾ ਮਾਸ਼ਕੀ ਸੜਕ ਨੂੰ ਚੌੜਾ ਕਰਨ ਦੀ ਮੰਗ

ਗੁਰਦੁਆਰਾ ਸ੍ਰੀ ਭੱਠਾ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਆਪਣੀ ਬੇੜੀ ਰਾਹੀਂ ਸਰਸਾ ਨਦੀ ਪਾਰ ਕਰਵਾਉਣ ਬਾਰੇ ਮਲਾਹ ਕੁੰਮਾ ਮਾਸ਼ਕੀ ਦੀ ਯਾਦਗਾਰ ਨੂੰ ਜਾਂਦੇ ਤੰਗ ਰਸਤੇ ਨੂੰ ਚੌੜਾ ਕਰਨ ਸਬੰਧੀ ਗੱਲਬਾਤ ਕੀਤੀ। ਵਿਧਾਇਕ ਨੇ ਦੱਸਿਆ ਕਿ ਯਾਦਗਾਰ ਕੁੰਮਾ ਮਾਸ਼ਕੀ ਵਿਖੇ ਸੰਗਤਾਂ ਦਾ ਵੱਡਾ ਇਕੱਠ ਹੁੰਦਾ ਹੈ ਤੇ ਰਸਤਾ ਤੰਗ ਹੋਣ ਕਾਰਨ ਸ਼ਰਧਾਲੂਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਰ ਕੇ ਇਸ ਸੜਕ ਦਾ ਨਵੀਨੀਕਰਨ ਕਰ ਕੇ ਚੌੜਾ ਕੀਤਾ ਜਾਵੇ। ਉਨ੍ਹਾਂ ਮੁੱਖ ਮੰਤਰੀ ਨੂੰ ਇਸ ਯਾਦਗਾਰ ਦਾ ਦੌਰਾ ਕਰਨ ਲਈ ਵੀ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਸ਼ਹੀਦੀ ਸਭਾ ਤੋਂ ਪਹਿਲਾਂ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ ਸੜਕਾਂ ਦਾ ਸੁਧਾਰ ਕੀਤਾ ਗਿਆ ਸੀ, ਉਸੇ ਤਰ੍ਹਾਂ ਹੀ ਹੋਲਾ ਮਹੱਲਾ ਤੋਂ ਪਹਿਲਾਂ ਰੂਪਨਗਰ ਜ਼ਿਲ੍ਹੇ ਦੀਆਂ ਸੜਕਾਂ ਦਾ ਵੀ ਸੁਧਾਰ ਕੀਤਾ ਜਾਵੇਗਾ।

Advertisement
Author Image

sukhwinder singh

View all posts

Advertisement