ਕਿਸਾਨ ਦੀ ਮੌਤ ਲਈ ਮੁੱਖ ਮੰਤਰੀ ਜ਼ਿੰਮੇਵਾਰ: ਮਜੀਠੀਆ
ਅਕਾਲੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ਾ ਮੰਗਿਆ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਫਰਵਰੀ
ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨੀ ਘੋਲ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਉਹ ਹਰਿਆਣਾ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਦੇ ਟਾਊਟ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲੀਸ ਵੱਲੋਂ ਪੰਜਾਬ ਦੀ ਧਰਤੀ ’ਤੇ 13 ਫਰਵਰੀ ਤੋਂ ਲਗਾਤਾਰ ਪੰਜਾਬ ਦੇ ਕਿਸਾਨਾਂ ’ਤੇ ਹਮਲੇ ਕੀਤੇ ਜਾ ਰਹੇ ਹਨ ਪਰ ਮੁੱਖ ਮੰਤਰੀ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਰਕੇ ਸ਼ੁਭਕਰਨ ਸਿੰਘ ਦੀ ਮੌਤ ਹੋਈ ਹੈ।ਸ੍ਰੀ ਮਜੀਠੀਆ ਨੇ ਪੁੱਛਿਆ ਕਿ ਮੁੱਖ ਮੰਤਰੀ ਨੇ ਹਰਿਆਣਾ ਸਰਕਾਰ ਨੂੰ ਪੰਜਾਬ ਦੀ ਧਰਤੀ ’ਤੇ ਬੈਰੀਕੇਡਿੰਗ ਕਿਵੇਂ ਕਰਨ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਦੀ ਆਰਥਿਕ ਰਾਹ ਰੋਕਣ ’ਤੇ ਇਤਰਾਜ਼ ਕਿਉਂ ਨਹੀਂ ਕੀਤਾ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਵਿੱਚ ਸਪੱਸ਼ਟ ਸਟੈਂਡ ਕਿਉਂ ਨਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਗੰਭੀਰ ਮਸਲੇ ’ਤੇ ਕੇਂਦਰੀ ਗ੍ਰਹਿ ਮੰਤਰੀ ਜਾਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਬਾਰਡਰ ਖੁੱਲ੍ਹਵਾਉਣ ਲਈ ਸੁਪਰੀਮ ਕੋਰਟ ਵਿੱਚ ਪਹੁੰਚ ਕਰਨੀ ਚਾਹੀਦੀ ਸੀ। ਅਕਾਲੀ ਆਗੂਆਂ ਨੇ ‘ਆਪ’ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਤੇ ਕਿਸਾਨ ਯੂਨੀਅਨਾਂ ਤੇ ਸਮਾਜਿਕ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਮੌਜੂਦਾ ਸੰਕਟ ’ਤੇ ਚਰਚਾ ਕਰਨ ਅਤੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ।